
ਚੰਡੀਗੜ੍ਹ, 18 ਜਨਵਰੀ : ਪੰਜਾਬ ਸਰਕਾਰ ਵਲੋਂ ਸਮਾਜ ਦੇ ਵੱਖ ਵੱਖ ਵਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਗਿਆ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਤਹਿਤ ਚਾਲੂ ਮਾਲੀ ਸਾਲ ਦੌਰਾਨ ਹੁਣ ਤੱਕ 30.35 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਲੇ ਦੱਸਿਆ ਕਿ ਸਾਲ 2024–25 ਦੌਰਾਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਪਈਆਂ ਦਰਖਾਸਤਾਂ ਦਾ ਨਿਪਟਾਰਾ ਕਰਨ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਕਾਰਨ ਇਸ ਸਾਲ ਅਸ਼ੀਰਵਾਦ ਪੋਰਟਲ ‘ਤੇ ਪੈਂਡਿੰਗ ਪਈਆਂ 5951 ਦਰਖਾਸਤਾਂ ਨੂੰ ਪ੍ਰਵਾਨ ਕੀਤਾ ਗਿਆ ਹੈ ਅਤੇ 30.35 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੇ ਲੜਕੇ ਲੜਕੀ ਨੂੰ ਵਿਆਹ ਲਈ 51 ਹਜਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਮ ਲੋਕਾਂ ਤੱਕ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।