Sunday, March 23Malwa News
Shadow

50 ਹਜਾਰ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 2 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਬਰਨਾਲਾ ਸ਼ਹਿਰ ਦੀ ਇੱਕ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਮਹਿਲ ਕਲਾਂ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੋਇਆ ਸੀ ਜਿਸ ਵਿੱਚ ਉਸਦੇ ਭਰਾ ਨੂੰ ਬਾਅਦ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਏਐਸਆਈ ਅਤੇ ਸੀਨੀਅਰ ਸਿਪਾਹੀ ਨੇ ਉਸ ਦੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10,000 ਰੁਪਏ ਦੀ ਨਕਦੀ ਵਾਪਸ ਕਰਨ ਲਈ ਉਸ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Basmati Rice Advertisment