
ਬਟਾਲਾ, 24 ਜਨਵਰੀ : ਕੁੱਟਮਾਰ ਦੇ ਮਾਮਲੇ ਵਿਚ ਪਰਚਾ ਦਰਜ ਕਰਨ ਪਿਛੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਰਿਸ਼ਵਤ ਮੰਗਣ ਵਾਲੇ ਏ ਐਸ ਆਈ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਾਸੀ ਗੁਰਦਿਆਲ ਚੰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ ਸੀ। ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਬਟਾਲਾ ਵਿਖੇ ਪਰਚਾ ਦਰਜ ਕੀਤਾ ਗਿਆ ਸੀ। ਇਸ ਪਰਚੇ ਦੀ ਤਫਤੀਸ਼ ਲਈ ਏ ਐਸ ਆਈ ਸੁਖਰਾਜ ਸਿੰਘ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਹੁਣ ਸੁਖਰਾਜ ਸਿੰਘ ਇਸ ਮਾਮਲੇ ਵਿਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਵਿਚ ਕਿਹਾ ਗਿਆ ਸੀ ਕਿ ਏ ਐਸ ਆਈ ਵਲੋਂ ਪ੍ਰਤੀ ਵਿਅਕਤੀ ਦੀ ਗ੍ਰਿਫਤਾਰੀ ਲਈ ਪੰਜ ਹਜਾਰ ਰੁਪਏ ਰਿਸ਼ਵਤ ਮੰਗੀ ਗਈ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਪੁਲੀਸ ਵਲੋਂ ਜਾਲ ਵਿਛਾ ਕੇ ਇਸ ਏ ਐਸ ਆਈ ਨੂੰ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਪੁਲੀਸ ਵਲੋਂ ਏ ਐਸ ਆਈ ਸੁਖਰਾਜ ਸਿੰਘ ਖਿਲਾਫ ਪਰਚਾ ਵੀ ਦਰਜ ਕਰ ਲਿਆ ਗਿਆ ਹੈ।