Sunday, March 23Malwa News
Shadow

ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਗੁਰਦਾਸਪੁਰ ਦੀ ਇੱਕ ਫਾਊਂਡਰੀ ਦੇ ਮਾਲਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਵਿਰੁੱਧ ਬਟਾਲਾ ਪੁਲਿਸ ਸਟੇਸ਼ਨ ਵਿਖੇ ਇੱਕ ਐਫ.ਆਈ.ਆਰ. ਦਰਜ ਹੈ ਤੇ ਏ.ਐਸ.ਆਈ. ਸੁਖਰਾਜ ਸਿੰਘ ਉਸ ਦੇ ਕੇਸ ਦਾ ਜਾਂਚ ਅਧਿਕਾਰੀ (ਆਈ.ਓ.) ਹੈ ਅਤੇ ਉਸ ਨੇ ਜਾਂਚ ਦੌਰਾਨ ਉਸ ਦਾ ਪੱਖ ਲੈਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਅਤੇ ਇਸ ਸਬੰਧੀ ਮਿਲੇ ਸਬੂਤਾਂ ਦੀ ਜਾਂਚ ਉਪਰੰਤ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Basmati Rice Advertisment