
ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ
ਚੰਡੀਗੜ੍ਹ, 27 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ।
ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖ਼ੇਤਰ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀ ਕਦਮਾਂ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਕਾਰਨ ਇਨ੍ਹੀਂ ਦਿਨੀਂ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 509 ਵਿਦਿਆਰਥੀਆਂ ਨੇ ਨੀਟ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਨਅਤ, ਖੇਡਾਂ ਤੇ ਨੌਕਰੀਆਂ ਦੇ ਨਾਲ-ਨਾਲ ਨਸ਼ਿਆਂ ਦਾ ਖ਼ਾਤਮਾ ਸੂਬਾ ਸਰਕਾਰ ਦੇ ਤਰਜੀਹੀ ਖ਼ੇਤਰਾਂ ਵਿੱਚੋਂ ਹਨ। ...