ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਵਿੱਚ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।
ਇਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹੜ੍ਹਾਂ ਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਭਰ ਵਿੱਚ ਚੱਲ ਰਹੇ ਯਤਨਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਮੌਜੂਦਾ ਹੜ੍ਹ ਨਿਯੰਤਰਣ ਉਪਾਵਾਂ ਦੀ ਸਥਿਤੀ ਅਤੇ ਸੰਭਾਵੀ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਨੂੰ ਹੜ੍ਹ ਸੁਰੱਖਿਆ ਉਪਾਵਾਂ ਅਤੇ ਸੰਵੇਦਨਸ਼ੀਲ ਖੇਤਰਾਂ ਲਈ ਵਿਸਤ੍ਰਿਤ ਤਿਆਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਕਿ ਸਰਕਾਰ ਨੇ ਵੱਖ-ਵੱਖ ਹੜ੍ਹ ਪ੍ਰਬੰਧਨ ਪਹਿਲਕਦਮੀਆਂ ਲਈ ਲਗਭਗ 230 ਕਰੋੜ ਰੁਪਏ ਖਰਚੇ ਹਨ। ਇਹ ਵੀ ਦੱਸਿਆ ਗਿਆ ਕਿ ਐਸ.ਡੀ.ਐਮ.ਐਫ, ਮਨਰੇਗਾ ਅਤੇ ਵਿਭਾਗੀ ਅਮਲੇ ਵੱਲੋਂ ਕੁੱਲ 599 ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ...








