ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼
ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ 'ਚਿੱਟੇ ਸੋਨੇ' ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਫੀਲਡ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਪ੍ਰਤੀ ਏਕੜ 1,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਯੋਗ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾ ਸਕੇ।
ਇਹ ਨਿਰਦੇਸ਼ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਵੀਡੀਓ ਕਾਨਫਰੰਸ ਦੌਰਾਨ ਜਾਰੀ ਕੀਤੇ ਗਏ।
ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ, ਤੇਲਾ, ਥ੍ਰਿਪਸ ਸਮੇਤ ਹੋਰ ਕੀੜਿਆਂ ਦੇ ਹਮਲਿਆਂ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਨਿਯਮਿਤ ਤੌਰ 'ਤੇ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ ਦੇ ਨਿਰਦੇ...