ਲੁਧਿਆਣਾ, 20 ਨਵੰਬਰ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਜੇਲ੍ਹ ਤੋਂ ਬਾਹਰ ਆ ਗਏ ਅਤੇ ਉਹ ਜਿਲਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਆਪਣੇ ਭਾਈ ਦੇ ਪਾਠ ਦੇ ਭੋਗ ਵਿਚ ਸ਼ਾਮਲ ਹੋਏ।
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਤੋਂ ਬਾਅਦ ਭਾਈ ਰਾਜੋਆਣਾ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕਰਕੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਦੀ ਸਜ਼ਾ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਅਰਜੀ ‘ਤੇ ਅਜੇ ਸੁਣਵਾਈ ਚੱਲ ਰਹੀ ਹੈ।
ਪਿਛਲੀ 14 ਨਵੰਬਰ ਨੂੰ ਭਾਈ ਰਾਜੋਆਣਾ ਦੇ ਭਾਈ ਕੁਲਵੰਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਅੱਜ ਉਸਦਾ ਭੋਗ ਸੀ। ਇਸ ਲਈ ਭਾਈ ਰਾਜੋਆਣਾ ਨੇ ਆਪਣੇ ਭਰਾ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਅਦਾਲਤ ਨੇ ਭਾਈ ਰਾਜੋਆਣਾ ਨੂੰ ਪੈਰੋਲ ਦੇ ਦਿੱਤੀ ਅਤੇ ਅੱਜ ਉਹ ਆਪਣੇ ਭਾਈ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ। ਅਦਾਲਤ ਨੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ।