
ਤਰਨ ਤਾਰਨ, 11 ਦਸੰਬਰ ( ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਹਨਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਪ੍ਰਾਪਤ ਹੋਏ ਹਨ।
ਇਹਨਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਰਾਹੁਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹਨਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਮਿਤੀ 12 ਦਸੰਬਰ 2025 ਦੀ ਸ਼ਾਮ 4:00 ਵਜੇ ਤੋਂ ਮਿਤੀ 14 ਦਸੰਬਰ 2025 ਤੱਕ ਵੱਖ ਵੱਖ ਪਾਬੰਦੀਆਂ ਲਗਾ ਦਿੱਤੀਆਂ ਹਨ।
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਲਗਾਈਆਂ ਪਾਬੰਦੀਆਂ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਅਨੁਸਾਰ ਕਿਸੇ ਵੀ ਵਿਅਕਤੀ ਨੂੰ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਮੁਕੰਮਲ ਪਾਬੰਦੀ ਹੋਵੇਗੀ। ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਜੋਨਾਂ ਤੋਂ ਬਾਹਰ ਦੇ ਵੋਟਰਾਂ, ਵਿਅਕਤੀਆਂ ਦੀ ਮੌਜੂਦਗੀ, ਗਤੀਵਿਧੀਆਂ `ਤੇ ਮੁਕੰਮਲ ਪਾਬੰਦੀ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਭਾਰਤੀ ਨਿਆਾਂ ਸੰਹਿਤਾ 2023 ਦੀ ਧਾਰਾ 223 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫਾ ਜਾਰੀ ਕਰਕੇ ਆਮ ਜਨਤਾ ਦੇ ਨਾਮ ਸੰਬੋਧਨ ਕੀਤਾ ਗਿਆ ਹੈ, ਜੋ ਮਿਤੀ 14 ਦਸੰਬਰ 2020 ਤੱਕ ਲਾਗੂ ਰਹੇਗਾ।