
ਕਪੂਰਥਲਾ, 4 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਵਿਚ ਕਰੋੜਾਂ ਰੁਪਏ ਦਾ ਘਪਲਾ ਕਰਨ ਵਾਲੇ ਸਤਨਾਮ ਸਿੰਘ ਅਤੇ ਸਰਬਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਸਾਲ 2017 ਵਿਚ ਪਰਚਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਸੀ। ਇਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਨੇ ਬੈਂਕ ਦੇ ਬਰਾਂਚ ਮੈਨੇਜਰ ਤੇ ਹੋਰ ਮੁਲਾਜ਼ਮਾਂ ਤੇ ਮਾਲ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਟੇਟ ਬੈਂਕ ਰਾਹੀ਼ ਕਰਜਾ ਲਿਮਟਾਂ ਜਾਰੀ ਕਰਵਾ ਕੇ ਕਰੋੜਾਂ ਰੁਪਏ ਦਾ ਗਬਨ ਕੀਤਾ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ 30 ਅਪ੍ਰੈਲ 2016 ਤੱਕ ਦੀਆਂ 14 ਕਰਜਾ ਫਾਈਲਾਂ ਰਾਹੀਂ ਹੀ 3 ਕਰੋੜ 71 ਲੱਖ ਰੁਪਏ ਦਾ ਗਬਨ ਕੀਤਾ ਗਿਆ ਹੈ।
ਇਸ ਗਬਨ ਸਬੰਧੀ 33 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 28 ਵਿਅਕਤੀ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਤਿੰਨ ਵਿਅਕਤੀਆਂ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਬਿਊਰੋ ਵਲੋਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ।