Wednesday, February 19Malwa News
Shadow

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ ‘ਤੇ ਸਬੰਧਤ ਅਧਿਕਾਰੀਆਂ ‘ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, ਅਕਤੂਬਰ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ।

ਇਥੇ ਪੰਜਾਬ ਭਵਨ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਅਧਿਕਾਰੀ ਦੇ ਸਬੰਧਤ ਅਧਿਕਾਰ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਸ਼ਖਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਗੋਇਲ ਨੇ ਮੁੱਖ ਦਫਤਰ ਅਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਰਿਪੋਰਟ ਲੈਂਦਿਆਂ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਹਰ 15 ਦਿਨਾਂ ਬਾਅਦ ਸਰਕਾਰ ਨੂੰ ਭੇਜੀ ਜਾਵੇ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਖ਼ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧਤਾ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨਾਲ ਵੱਧ ਤੋਂ ਵੱਧ ਰਾਬਤਾ ਰੱਖਣ ਅਤੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਜਿੱਠਣ । ਉਹਨਾਂ ਕਿਹਾ ਕਿ ਲੋਕਾਂ ਨੂੰ ਵਾਜਿਬ ਰੇਟਾਂ ਤੇ ਮੁਹੱਈਆ ਕਰਵਾਈ ਜਾ ਰਹੀ ਰੇਤ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸੂਬਾ ਸਰਕਾਰ ਦਾ ਮਾਲੀਆ ਹੋਰ ਵੱਧ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਅਤੇ ਚੀਫ਼ ਇੰਜੀਨੀਅਰ ਡਾ. ਹਰਿੰਦਰਪਾਲ ਸਿੰਘ ਬੇਦੀ ਮੌਜੂਦ ਸਨ।

Barinder Kumar Goyal

Basmati Rice Advertisment