
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਸਰਗਰਮ ਸ਼ੂਟਰ ਵੀ ਸ਼ਾਮਲ ਹੈ। ਕਾਰਵਾਈ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਤਹਿਤ ਕਾਰਵਾਈ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਵੱਲੋਂ ਸ਼ੱਕੀਆਂ ਨੂੰ ਰੋਕਣ ਦੀ ਕੀਤੀ ਸੀ ਕੋਸ਼ਿਸ਼
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਥਾਣਾ ਇਸਲਾਮਾਬਾਦ ਅਧੀਨ ਫਤਿਹਪੁਰ ਇਲਾਕੇ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਆਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਦੋਵੇਂ ਨੇ ਰੁਕਣ ਦੀ ਬਜਾਏ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਟੀਮ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਪੁਲਸ ਕਮਿਸ਼ਨਰ ਦੇ ਵੱਡੇ ਖੁਲਾਸੇ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਸ ਦੇ ਹੱਥ ਵਿੱਚੋਂ ਪਿਸਤੌਲ ਹੇਠਾਂ ਡਿੱਗ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਕੁਲਬੀਰ ਸਿੰਘ ਵਾਸੀ ਪਿੰਡ ਧਾਡੇ ਫਤਿਹ ਸਿੰਘ, ਥਾਣਾ ਬੁੱਲੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜਸ਼ਨਦੀਪ ਸਿੰਘ ਉਰਫ਼ ਮਾਇਆ ਵਾਸੀ ਪੱਟੀ ਚੰਬਲ, ਥਾਣਾ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।
ਟਾਰਗੇਟ ਕਿਲਿੰਗ ਦੀ ਕੋਸ਼ਿਸ਼ ਨਾਕਾਮ
ਪੁਲਿਸ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅੰਕੁਸ਼ ਬਹਮਨ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਦੋ ਵਿਰੋਧੀ ਗੈਂਗ ਮੈਂਬਰਾਂ ਦੇ ਕਤਲ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਪੁਲਿਸ ਦੀ ਸੂਝਬੂਝ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਇਹ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ ਹੋ ਗਈ।
ਪੁਲਿਸ ਮੁਤਾਬਕ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਵੀ ਰਿਹਾ ਹੈ। ਜ਼ਖ਼ਮੀ ਮੁਲਜ਼ਮ ਕੁਲਬੀਰ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਚੋਰੀ ਦੇ ਕੁੱਲ ਚਾਰ ਮਾਮਲੇ ਪਹਿਲਾਂ ਹੀ ਦਰਜ ਹਨ। ਜਦਕਿ ਜਸ਼ਨਦੀਪ ਸਿੰਘ ਉਰਫ਼ ਮਾਇਆ ਖ਼ਿਲਾਫ਼ ਆਰਮਜ਼ ਐਕਟ ਤਹਿਤ ਦੋ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਗੈਰਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਦੇ ਕੇਸ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 30 ਬੋਰ ਦੀ ਮੇਡ ਇਨ ਚਾਈਨਾ ਪਿਸਤੌਲ, ਚਾਰ ਜ਼ਿੰਦਾ ਕਾਰਤੂਸ ਅਤੇ ਦੋ ਖੋਲ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਇਸਲਾਮਾਬਾਦ ਵਿੱਚ ਐਫਆਈਆਰ ਨੰਬਰ 152 ਮਿਤੀ 23 ਮਈ 2026 ਨੂੰ ਬੀਐਨਐਸ ਦੀ ਧਾਰਾ 109 ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸ਼ਹਿਰ ਵਿੱਚ ਗੈਂਗਸਟਰ ਗਤੀਵਿਧੀਆਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਅਪਰਾਧਿਕ ਤੱਤਾਂ ਵਿਰੁੱਧ ਮੁਹਿੰਮ ਜਾਰੀ ਰਹੇਗੀ।