
ਅੰਮ੍ਰਿਤਸਰ, 27 ਜਨਵਰੀ : ਗਣਤੰਤਰ ਦਿਵਸ ਵਾਲੇ ਦਿਨ ਇਕ ਸ਼ਰਾਰਤੀ ਅਨਸਰ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਤੋੜੇ ਜਾਣ ਦੀ ਘਟਨਾਂ ‘ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ ਕਰਨਾ ਹਰ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਇਸ ਲਈ ਇਸ ਘਟਨਾ ਨੇ ਹਰ ਦੇਸ਼ ਵਾਸੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਸ਼ਕਤੀਆਂ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨੀ ਚਾਹੁੰਦੀਆਂ ਹਨ। ਇਸ ਲਈ ਅਜਿਹੀਆਂ ਸ਼ਕਤੀਆਂ ਦੇ ਮਨਸੂਬੇ ਕਾਮਯਾਬ ਨਾ ਹੋਣ ਦਿੱਤੇ ਜਾਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿਚ ਲੋਕ ਵਿਰੋਧੀ ਕਾਰਵਾਈਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।