ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਲਈ ਐਲਾਨ ਕੀਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਮਸ਼ੀਨਰੀ ਉੱਪਰ 50 ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੀਆਂ ਸਹਿਕਾਰੀ ਸੋਸਾਇਟੀਆਂ ਵਲੋਂ ‘ਫਸਲੀ ਰਹਿੰਦ ਖੂੰਹਦ ਪ੍ਰਬੰਧਨ ਕਰਜਾ ਯੋਜਨਾ’ ਚਲਾਈ ਜਾ ਰਹੀ ਹੈ। ਇਸ ਤਹਿਤ ਕੋਈ ਵੀ ਕਿਸਾਨ ਯੋਜਨਾ ਦਾ ਲਾਹਾ ਲੈ ਸਕਦਾ ਹੈ।
ਸ੍ਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਬਿੱਲਕੁੱਲ ਨਾ ਸਾੜੀ ਜਾਵੇ, ਸਗੋਂ ਸਰਕਾਰ ਦੀ ਇਸ ਯੋਜਨਾ ਦਾ ਲਾਹਾ ਲੈ ਕੇ ਰਹਿੰਦ ਖੂੰਹਦ ਸਾਫ ਕਰਨ ਵਾਲੀ ਮਸ਼ੀਨਰੀ ਖਰੀਦਣ। ਤੁਹਾਨੂੰ ਦੱਸ ਦੇਈਏ ਪਰਾਲੀ ਨੂੰ ਜ਼ਮੀਨ ਵਿਚ ਹੀ ਕੱਟ ਕੇ ਖਾਦ ਰੂਪ ਵਿਚ ਵੀ ਵਰਤਿਆ ਜਾ ਸਕਦਾ ਹੈ ਅਤੇ ਪਰਾਲੀ ਨੂੰ ਕੱਟ ਕੇ ਬਿਜਲੀ ਪੈਦਾ ਕਰਨ ਅਤੇ ਹੋਰ ਕੰਮਾਂ ਲਈ ਵੀ ਵਰਤਿਆ ਜਾ ਸਕਦਾ ਹੈ। ਇਸ ਕੰਮ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਲਈ ਸਰਕਾਰ ਵਲੋਂ ਸਬਸਿਟੀ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਨੇ ਅੱਜ ਐਲਾਨ ਕੀਤਾ ਕਿ ਅਜਿਹੀ ਮਸ਼ੀਨਰੀ ਖਰੀਦਣ ਲਈ 50 ਪ੍ਰਤੀਸ਼ਤ ਤੋਂ ਲੈ ਕੇ 80 ਪ੍ਰਤੀਸ਼ਤ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਇਸ ਲਈ ਕਿਸਾਨ ਇਸ ਯੋਜਨਾ ਰਾਹੀਂ ਸਬਸਿਡੀ ਹਾਸਲ ਕਰਕੇ ਮਸ਼ੀਨਰੀ ਖਰੀਦ ਸਕਦਾ ਹੈ। ਇਸ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ, ਉਥੇ ਹੀ ਪਰਾਲੀ ਸਾੜਨ ਨਾਲ ਹੁੰਦੇ ਵਾਤਾਵਰਣ ਪ੍ਰਦੂਸ਼ਨ ਤੋਂ ਵੀ ਬਚਾਅ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਪਹਿਲਾਂ ਵੀ ਬਹੁਤ ਵਾਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੀ ਖੁਸ਼ਹਾਲੀ ਲਈ ਕਈ ਤਰਾਂ ਦੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਦਾ ਮੁੱਖ ਟਾਰਗੈੱਟ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਖੁਸ਼ਹਾਲ ਕਰਨਾ ਹੈ। ਭਗਵੰਤ ਸਿੰਘ ਮਾਨ ਬਹੁਤ ਵਾਰ ਕਹਿ ਚੁੱਕੇ ਹਨ ਕਿ ਉਸ ਨੇ ਇਕ ਕਿਸਾਨ ਪਰਿਵਾਰ ਵਿਚ ਜਨਮ ਲਿਆ ਹੈ, ਇਸ ਲਈ ਉਹ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਤੋਂ ਪੂਰੀ ਤਰਾਂ ਜਾਣੂ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਾਹ ਲਗਾ ਰਿਹਾ ਹੈ। ਕਿਸਾਨਾਂ ਦੀ ਭਲਾਈ ਲਈ ਵੀ ਜੋ ਵੀ ਤਕਨੀਕ ਸਾਹਮਣੇ ਆਉਂਦੀ ਹੈ, ਪੰਜਾਬ ਸਰਕਾਰ ਵਲੋਂ ਉਸਦਾ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ।