ਚੰਡੀਗੜ੍ਹ, 25 ਨਵੰਬਰ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਕੇਵਲ 32 ਮਹੀਨਿਆਂ ਦੌਰਾਨ ਹੀ 50 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ ਐਸ ਪੀ ਸੀ ਐਲ ਵਿਚ 1311 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਿਯੁਕਤੀ ਪੱਤਰ ਵੰਡੇ।
ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਨੌਕਰੀਆਂ ਦੇ ਅਸਲ ਹੱਕਦਾਰ ਸਨ, ਪਰ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਰਕਾਰ ਵਲੋਂ ਕੇਵਲ ਯੋਗਤਾ ਦੇ ਆਧਾਰ ‘ਤ਼ੇ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪਹਿਲੀ ਵਾਰ ਹੈ ਕਿ ਜਦੋਂ ਹਰ ਵਿਭਾਗ ਵਿਚ ਨੌਕਰੀਆਂ ਲਈ ਸਾਰੀ ਪ੍ਰਕਿਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਪਿਛੋਂ ਪਹਿਲਾਂ ਰਾਜਪੁਰਾ ਦਾ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਸੀ, ਕਿਉਂਕਿ ਪਹਿਲੀਆਂ ਸਰਕਾਰਾਂ ਤਾਂ ਸਰਕਾਰੀ ਜਾਇਦਾਦਾਂ ਵੇਚਦੀਆਂ ਹੀ ਰਹੀਆਂ ਹਨ। ਇਹ ਪਹਿਲੀ ਸਰਕਾਰ ਹੈ ਜਿਸ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਹੈ। ਇਸੇ ਤਰਾਂ ਪਹਿਲੀਆਂ ਸਰਕਾਰਾਂ ਤਾਂ ਨੌਕਰੀਆਂ ਵੀ ਸਿਫਾਰਿਸ਼ਾਂ ਨਾਲ ਜਾਂ ਰਿਸ਼ਵਤ ਨਾਲ ਦਿੰਦੀਆਂ ਰਹੀਆਂ ਹਨ, ਪਰ ਇਹ ਪਹਿਲੀ ਸਰਕਾਰ ਹੈ, ਜਿਸ ਵਿਚ ਹਰ ਨੌਕਰੀ ਪੂਰੀ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਦਿੱਤੀ ਜਾਂਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਤੋਂ ਦੁਖੀ ਹੋ ਕੇ ਵਿਦਿਆਰਥੀ ਵਿਦੇਸ਼ਾਂ ਨੂੰ ਭੱਜਣ ਲੱਗ ਪਏ ਸਨ। ਪਰ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੰਗੀ ਕਾਰਗੁਜਾਰੀ ਦੇਖ ਕੇ ਲੋਕ ਸੂਬੇ ਵਿਚ ਵਤਨ ਵਾਪਸੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸੇ ਕਰਕੇ ਹੀ ਨਿੰਦਾ ਕਰ ਰਹੀਆਂ ਹਨ ਕਿਉਂਕਿ ਹੁਣ ਸਰਕਾਰ ਵਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਲਈ ਉਨ੍ਹਾਂ ਨੂੰ ਸਾੜਾ ਹੁੰਦਾ ਹੈ। ਬਹੁਤ ਲੰਮਾਂ ਸਮਾਂ ਵਿਰੋਧੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਲਿਆ, ਪਰ ਹੁਣ ਜ਼ਮਾਨਾ ਬਦਲ ਚੁੱਕਾ ਹੈ।