ਚੰਡੀਗੜ੍ਹ 8 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿਖੇ ਪਾਰਟੀ ਆਗੂਆਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪੰਜਾਬ ਦੇ ਵੱਖ ਵੱਖ ਮਸਲਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸਥਾਨਕ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਿਹਾਇਸ਼ ‘ਤੇ ਕੀਤੀਆਂ ਗਈਆਂ ਮੀਟਿੰਗਾਂ ਵਿਚ ਜੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਮਲੀ ਤੌਰ ‘ਤੇ ਲੋਕਾਂ ਦੀ ਸਰਕਾਰ ਹੈ। ਇਸ ਸਰਕਾਰ ਦੌਰਾਨ ਹਰ ਆਮ ਬੰਦੇ ਦੀ ਹਰ ਸਮੱਸਿਆ ਦੀ ਤੁਰੰਤ ਸੁਣਵਾਈ ਹੁੰਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਕਿ ਕਿਸੇ ਵੀ ਵਿਅਕਤੀ ਵਲੋਂ ਇਹ ਸ਼ਿਕਾਇਤ ਨਹੀਂ ਆਉਣੀ ਚਾਹੀਦੀ ਕਿ ਉਸ ਦੇ ਕੰਮ ਲਈ ਦਫਤਰਾਂ ਵਿਚ ਆਨਾਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜਲੰਧਰ ਇਲਾਕੇ ਦੇ ਵੱਖ ਪਾਰਟੀ ਆਗੂਆਂ ਨਾਲ ਵੀ ਮੀਟਿੰਗ ਕੀਤੀ। ਸਾਰੇ ਪਾਰਟੀ ਆਗੂਆਂ ਨੂੰ ਕਿਹਾ ਗਿਆ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਲੋਕਾਂ ਨੂੰ ਖੱਜਲ ਖੁਆਰ ਕਰਦਾ ਹੈ ਜਾਂ ਫਿਰ ਭਰਿਸ਼ਟਾਚਾਰ ਕਰਦਾ ਹੈ ਤਾਂ ਤੁਰੰਤ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਸਭ ਤੋਂ ਪਹਿਲਾ ਟਾਰਗੈਟ ਆਮ ਲੋਕਾਂ ਦੀ ਜਿੰਦਗੀ ਸੁਧਾਰਨਾ ਹੈ।