
ਮੋਗਾ, 19 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਜਿਲਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਅਤੇ ਚੌਥੀ ਮੰਜਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਇਸ ਇਲਾਕੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਦੀਆਂ ਦੋਵਾਂ ਮੰਜਲਾਂ ਦਾ ਕੰਮ ਸ਼ੁਰੂ ਹੋ ਗਿਆ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੋਗਾ ਵਿਚ ਜਗ੍ਹਾ ਦੀ ਘਾਟ ਕਾਰਨ ਵੱਖ ਵੱਖ ਵਿਭਾਗਾਂ ਦਾ ਕੰਮ ਕਾਰ ਬਹੁਤ ਪ੍ਰਭਾਵਿਤ ਹੋ ਰਿਹਾ ਸੀ। ਇਸ ਦੀ ਸਭ ਤੋਂ ਵੱਡੀ ਮੁਸ਼ਕਲ ਆਮ ਲੋਕਾਂ ਨੂੰ ਸਹਿਣੀ ਪੈ ਰਹੀ ਸੀ। ਇਸ ਲਈ ਸਰਕਾਰ ਨੇ ਪਹਿਲੇ ਦੇ ਆਧਾਰ ‘ਤੇ ਇਸ ਉਸਾਰੀ ਲਈ ਗਰਾਂਟ ਮਨਜੂਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਲਗਭਗ ਅੱਠ ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਇਹ ਇਮਾਰਤ ਬਹੁਤ ਹੀ ਅਧੁਨਿਕ ਤਕਨੀਕ ਨਾਲ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਵਾਗਡੋਰ ਗਲਤ ਹੱਥਾਂ ਵਿਚ ਸੀ ਇਸ ਲਈ ਸਾਰੇ ਕੰਮ ਹੀ ਡੰਗ ਟਪਾਊ ਕੀਤੇ ਜਾਂਦੇ ਸਨ, ਪਰ ਹੁਣ ਸਰਕਾਰ ਵਲੋਂ ਹਰ ਪ੍ਰੋਜੈਕਟ ਪੂਰੇ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ ਹੈ, ਜਿਸਦੀ ਪਹਿਲਾਂ ਪੂਰੀ ਯੋਜਨਾ ਉਲੀਕੀ ਜਾਂਦੀ ਹੈ।