
ਪਟਿਆਲਾ, 26 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਅਤੇ ਸੂਬੇ ਵਿਚ ਅਮਨ ਭੰਗ ਕਰਨ ਵਾਲੀਆਂ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
ਅੱਜ ਇਥੇ ਪੋਲੋ ਗਰਾਊਂਡ ਵਿਚ 76ਵੇਂ ਗਣਤੰਤਰ ਦਿਵਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੀਰਾਂ ਪੈਗੰਬਰਾਂ ਦੀ ਧਰਤੀ ਹੈ, ਜਿਥੇ ਹਮੇਸ਼ਾਂ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦਾ ਬੋਲਬਾਲਾ ਰਿਹਾ ਹੈ। ਇਸ ਧਰਤੀ ‘ਤੇ ਜੋ ਅਮਨ ਸ਼ਾਂਤੀ ਭੰਗ ਕਰਨ ਲਈ ਅਇਆ ਹੈ, ਉਸ ਨੂੰ ਹਮੇਸ਼ਾਂ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਖੁਸ਼ਹਾਲੀ ਲਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ। ਕੁੱਝ ਦੇਸ਼ ਵਿਰੋਧੀ ਤਾਕਤਾਂ ਪੰਜਾਬ ਨੂੰ ਖੁਸ਼ਹਾਲ ਨਹੀਂ ਦੇਖਣਾ ਚਾਹੁੰਦੀਆਂ, ਇਸ ਲਈ ਅਜਿਹੀਆਂ ਤਾਕਤਾਂ ਵਲੋਂ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਦਭਾਵਨਾ ਅਤੇ ਸਮਾਜਿਕ ਸਾਂਝ ਦੀਆਂ ਜੜ੍ਹਾਂ ਇੰਨੀਆਂ ਮਜਬੂਤ ਹਨ ਕਿ ਇਥੇ ਕਿਸੇ ਗੈਰਸਮਾਜੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬ ਦੀ ਜਰਖੇਜ ਧਰਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਧਰਤੀ ‘ਤੇ ਦੁਨੀਆਂ ਦੀ ਹਰ ਚੀਜ ਪੈਦਾ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸੂਰਬੀਰਾਂ ਨੇ ਪਹਿਲਾਂ ਦੇਸ਼ ਦੀ ਆਜਾਦੀ ਲਈ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ ਅਤੇ ਹੁਣ ਵੀ ਪੰਜਾਬ ਹਮੇਸ਼ਾਂ ਦੇਸ਼ ਲਈ ਅੱਗੇ ਹੋ ਕੇ ਲੜਦਾ ਹੈ। ਅਨੇਕਾਂ ਅਣਗੌਲੇ ਹੋਏ ਨਾਇਕਾਂ ਵਲੋਂ ਦੇਸ਼ ਦੀ ਆਜਾਦੀ ਲਈ ਪਾਇਆ ਗਿਆ ਯੋਗਦਾਨ ਕਿਸੇ ਤੋਂ ਲੁਕਿਆ ਹੋਇਆ ਨਹੀਂ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਵਾਅਦਾ ਕੀਤਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸਾਸ਼ਨ ਮੁਹਈਆ ਕਰਵਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।