
ਨਵੀਂ ਦਿੱਲੀ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾ ਦੇ ਪ੍ਰਚਾਰ ਦੌਰਾਨ ਵਿਸ਼ਵਾਸ਼ ਨਗਰ ਹਲਕੇ ਵਿਚ ਰੋਡ ਸ਼ੋਅ ਕੀਤਾ। ਇਸ ਮੌਕੇ ਆਮ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ‘ਤੇ ਜੋਰ ਦਿੱਤਾ ਹੈ ਅਤੇ ਭਰਿਸ਼ਟਾਚਾਰ ਮੁਕਤ ਪ੍ਰਸਾਸਨ ਦਿੱਤਾ ਹੈ, ਜਦਕਿ ਹੋਰ ਪਾਰਟੀਆਂ ਦੀਆਂ ਸਰਕਾਰਾਂ ਲੋਕਾਂ ਨੂੰ ਲਾਰਿਆਂ ਤੋਂ ਵੱਧ ਕੁੱਝ ਨਹੀਂ ਦੇ ਸਕਦੀਆਂ।
ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਹਲਕਾ ਜੰਗਪੁਰਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਲੋਂ ਲੋਕਾਂ ਦੀ ਕੀਤੀ ਹੋਈ ਸੇਵਾ ਕਿਸੇ ਤੋਂ ਭੁੱਲੀ ਹੋਈ ਨਹੀ਼। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀਆਂ ਚਾਲਾਂ ਤੋਂ ਸੁਚੇਤ ਰਹਿਣ। ਭਾਜਪਾ ਵਲੋਂ ਕੇਜਰੀਵਾਲ ਸਿਸੋਦੀਆ ਜੋੜੀ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਉਹ ਕਾਮਯਾਬ ਨਹੀਂ ਹੋਏ। ਹੁਣ ਫਿਰ ਉਹ ਨਵੀਆਂ ਚਾਲਾਂ ਚੱਲਣਗੇ। ਪਰ ਦਿੱਲੀ ਦੇ ਲੋਕ ਇੰਨੇ ਸਿਆਣੇ ਹਨ ਕਿ ਦੇਸ਼ ਵਿਰੋਧੀ ਅਤੇ ਲੋਕ ਵਿਰੋਧੀ ਤਾਕਤਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।