
ਨਵੀਂ ਦਿੱਲੀ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਗਾਂਧੀ ਨਗਰ ਵਿਖੇ ਵੱਡਾ ਰੋਡ ਸ਼ੋਅ ਕੀਤਾ, ਜਿਸ ਵਿਚ ਵੱਡੀ ਗਿਣਤੀ ਵਿਚ ਦਿੱਲੀ ਦੇ ਲੋਕਾਂ ਨੇ ਭਾਗ ਲਿਆ। ਦਿੱਲੀ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾ ਦੇ ਪ੍ਰਚਾਰ ਲਈ ਅੱਜ ਹੀ ਭਗਵੰਤ ਸਿੰਘ ਮਾਨ ਪਹੁੰਚੇ ਹਨ ਅਤੇ ਅੱਜ ਉਨ੍ਹਾਂ ਨੇ ਰੋਡ ਸ਼ੋਅ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ।
ਇਸ ਰੋਡ ਸ਼ੋਅ ਦੌਰਾਨ ਆਮ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਨਾਅਰੇਬਾਜੀ ਕਰਕੇ ਭਗਵੰਤ ਸਿੰਘ ਮਾਨ ਦਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਜਨਤਾ ਪਾਰਟੀ ਨਫਰਤ ਦੀ ਰਾਜਨੀਤੀ ਕਰ ਰਹੀ ਹੈ ਅਤੇ ਨਫਰਤ ਦੀ ਰਾਜਨੀਤੀ ਕਰਨ ਵਾਲਾ ਕਦੇ ਵੀ ਲੋਕਾਂ ਦਾ ਭਲਾ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਜੋ ਕਾਫਲਾ ਰਾਮ ਲੀਲਾ ਮੈਦਾਨ ਤੋਂ ਸ਼ੁਰੂ ਕੀਤਾ ਸੀ, ਉਹ ਵਧਦੇ ਵਧਦੇ ਹੁਣ ਪੂਰੇ ਦੇਸ਼ ਵਿਚ ਫੈਲ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੀ ਸੋਚ ਨੂੰ ਅੱਗੇ ਤੋਰਨ ਲਈ ਉਨ੍ਹਾਂ ਦਾ ਸਾਥ ਦੇਣਾ ਬਹੁਤ ਜਰੂਰੀ ਹੈ, ਤਾਂ ਹੀ ਦੇਸ਼ ਬਚ ਸਕੇਗਾ।
