
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪੇਸ਼ ਕੀਤੀ ਰਿਪੋਰਟ ਵਿਚ ਕਿਹਾ ਹੈ ਕਿ ਦਿਬੜੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਰਿਹਾ ਹੋ ਕੇ ਪੰਜਾਬ ਲਈ ਖਤਰਾ ਬਣ ਸਕਦਾ ਹੈ। ਸਰਕਾਰ ਨੇ ਰਿਪੋਰਟ ਵਿਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਰਿਹਾਅ ਹੋਣ ਨਾਲ ਪੰਜਾਬ ਦੇ ਹਾਲਾਤ ਖਰਾਬ ਹੋ ਸਕਦੇ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਪਰ ਵੀ ਜਾਨਲੇਵਾ ਹਮਲਾ ਕਰ ਸਕਦੇ ਹਨ।
ਪੰਜਾਬ ਸਰਕਾਰ ਵਲੋਂ ਦਿੱਤੀ ਗਈ ਰਿਪੋਰਟ ਵਿਚ ਕੁੱਝ ਵੀਡੀਓ ਅਤੇ ਕਾਲ ਰਿਕਾਰਡਿੰਗ ਦਾ ਡਾਟਾ ਵੀ ਪੇਸ਼ ਕੀਤਾ ਗਿਆ ਹੈ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਗਈਆਂ ਹਨ ਕਿ ਉਸਦਾ ਹਾਲ ਵੀ ਮੁੱਖ ਮੰਤਰੀ ਬੇਅੰਤ ਸਿੰਘ ਵਾਲਾ ਹੋਵੇਗਾ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਵਕੀਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਤੇ ਉਸਦੇ ਸਾਥੀਆਂ ਖਿਲਾਫ ਐਨ ਐਸ ਏ ਦੀ ਮਿਆਦ ਵਧਾਉਣ ਨੂੰ ਚਣੌਤੀ ਦਿੱਤੀ ਸੀ। ਇਸ ਪਟੀਸ਼ਨ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਪੰਜਾਬ ਸਰਕਾਰ ਨੇ ਅਦਾਲਤ ਵਿਚ ਦਿੱਤੇ ਗਏ ਜਵਾਬ ਵਿਚ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਪੰਜਾਬ ਲਈ ਖਤਰਾ ਹੋ ਸਕਦੀ ਹੈ। ਇਸ ਪਿਛੋਂ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਸੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਪਾਸੋਂ ਪੰਜਾਬ ਵਿਚ ਕੀ ਖਤਰਾ ਹੈ, ਇਸ ਬਾਰੇ ਸਬੂਤਾਂ ਸਹਿਤ ਰਿਪੋਰਟ ਪੇਸ਼ ਕੀਤੀ ਜਾਵੇ। ਹੁਣ ਪੰਜਾਬ ਸਰਕਾਰ ਨੇ ਸਬੂਤਾਂ ਸਹਿਤ ਪੇਸ਼ ਕੀਤੀ ਗਈ ਰਿਪੋਰਟ ਵਿਚ ਦੱਸਿਆ ਹੈ ਕਿ ਅੰਮ੍ਰਿਪਾਲ ਸਿੰਘ ਅਤੇ ਉਸਦੇ ਸਾਥੀਆਂ ਵਲੋਂ ਜੇਲ ਵਿਚ ਬੈਠ ਕੇ ਵੀ ਹਿੰਸਕ ਕਾਰਵਾਈਆਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।