ਬਰਨਾਲਾ, 11 ਦਸੰਬਰ : ਨਗਰ ਕੌਂਸਲ ਚੋਣਾ ਦੀਆਂ ਸਰਗਰਮੀਆਂ ਦੌਰਾਨ ਅੱਜ ਹੰਢਿਆਇਆ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਦੇ ਦੋ ਵਾਰ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਗੁਰਮੀਤ ਸਿੰਘ ਨਗਰ ਕੌਂਸਲ ਹੰਢਿਆਇਆ ਦੇ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ ਅਤੇ ਤਿੰਨ ਵਾਰ ਜਿਲਾ ਬਰਨਾਲਾ ਦੇ ਭਾਜਪਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਸ ਦੇ ਨਾਲ ਹੀ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ, ਭਾਜਪਾ ਆਗੂ ਬੂਟਾ ਸਿੰਘ ਤੇ ਚਰਨਪ੍ਰੀਤ ਸਿੰਘ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਭਾਰਤੀ ਜਨਤਾ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਨੂੰ ਪਾਰਟੀ ਦੇ ਚੰਡੀਗੜ੍ਹ ਦਫਤਰ ਵਿਚ ਪੰਜਾਬ ਪ੍ਰਧਾਨ ਅਮਨ ਆਰੋੜਾ ਨੇ ਜੀ ਆਇਆਂ ਕਿਹਾ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਇਸ ਵਾਰ ਨਗਰ ਕੌਂਸਲ ਚੋਣਾ ਵਿਚ ਭਾਜਪਾ ਦਾ ਮੁਕੰਮਲ ਸਫਾਇਆ ਹੋ ਜਾਵੇਗਾ।