
ਚੰਡੀਗੜ੍ਹ, 8 ਸਤੰਬਰ : ਅੱਜ ਇਥੇ ਪੰਜਾਬ ਵਿਚ ਪੈਦਾ ਹੋਈ ਹੜ੍ਹਾਂ ਦੀ ਸਥਿੱਤੀ ਨਾਲ ਨਿਪਟਣ ਲਈ ਪੰਜਾਬ ਕੈਬਨਿਟ ਕੀ ਮੀਟਿੰਗ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਾਤਲ ਵਿਚ ਦਾਖਲ ਹੋਣ ਕਾਰਨ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿਚ ਭਾਗ ਲਿਆ।
ਇਸ ਮੀਟਿੰਗ ਵਿਚ ਪੰਜਾਬ ਦੇ ਸਾਰੇ ਮੰਤਰੀ ਵੀ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਦੀ ਮਾਰ ਨਾਲ ਭਾਰੀ ਨੁਕਸਾਨ ਹੋਇਆ ਹੈ। ਇਹ ਕੁਦਰਤ ਦੀ ਮਾਰ ਹੈ, ਪਰ ਪੰਜਾਬ ਸਰਕਾਰ ਵਲੋਂ ਹੜ੍ਹ ਪੀੜ੍ਹਤਾਂ ਲਈ ਹਰ ਮੱਦਦ ਦਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਹਰ ਮੁਸੀਬਤ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਦੇ ਨੁਕਸਾਨ ਦੀ ਪੂਰਤੀ ਲਈ ਹਰ ਤਰਾਂ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਭਾਵੇਂ ਅਜੇ ਤੱਕ ਕੇਂਦਰ ਸਰਕਾਰ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਕੋਈ ਵੀ ਹੱਥ ਅੱਗੇ ਨਹੀਂ ਵਧਾਇਆ, ਫਿਰ ਵੀ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ ‘ਤੇ ਜੋ ਵੀ ਸੰਭਵ ਯਤਨ ਕੀਤੇ ਜਾ ਸਕਦੇ ਹਨ, ਉਸ ਲਈ ਪੰਜਾਬ ਸਰਕਾਰ ਵਲੋਂ ਹਰ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਹੜ੍ਹਾਂ ਦੀ ਸਥਿੱਤੀ ਨਾਲ ਨਿਪਟਨ ਲਈ ਪੰਜਾਬ ਦੇ ਸਾਰੇ ਮੰਤਰੀਆਂ ਵਲੋਂ ਜ਼ਮੀਨੀ ਪੱਧਰ ‘ਤੇ ਕੀਤੇ ਗਏ ਯਤਨਾਂ ਦੀ ਵੀ ਪ੍ਰਸੰਸਾ ਕੀਤੀ। ਇਸ ਮੀਟਿੰਗ ਵਿਚ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਹੜ੍ਹਾਂ ਦੀ ਸਥਿੱਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਦਾ 60 ਹਜਾਰ ਕਰੋੜ ਰੁਪਏ ਬਕਾਇਆ ਰਕਮ ਤੁਰੰਤ ਜਾਰੀ ਕੀਤੀ ਜਾਵੇ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਕੇਂਦਰ ਤੋਂ ਮੰਗ ਕੀਤੀ ਕਿ ਹੜ੍ਹਾਂ ਦੀ ਸਥਿੱਤੀ ਨਾਲ ਨਿਪਟਣ ਲਈ 20 ਹਜਾਰ ਕਰੋੜ ਦੀ ਵਾਧੂ ਸਹਾਇਤਾ ਦਿੱਤੀ ਜਾਵੇ।

