ਸ੍ਰੀ ਮੁਕਤਸਰ ਸਾਹਿਬ, 13 ਦਸੰਬਰ : ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਲਈ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਕਮੁੱਠ ਹੋ ਕੇ ਮੁਹਿੰਮ ਵਿੱਢਣੀ ਚਾਹੀਦੀ ਹੈ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ। ਇਹ ਅਪੀਲ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਇਲਾਕੇ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਵਲੋਂ ਨਸ਼ਿਆਂ ਖਿਲਾਫ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤੀ।
ਇਸ ਮੌਕੇ ਇਕੱਠੇ ਹੋਏ ਸਾਰੇ ਪੰਚਾਂ ਸਰਪੰਚਾਂ ਨੇ ਨੇ ਨਸ਼ਿਆਂ ਦੇ ਖਾਤਮੇ ਲਈ ਮਤੇ ਪਾਸ ਕੀਤੇ ਅਤੇ ਸਰਕਾਰ ਨੂੰ ਯਕੀਨ ਦਿਵਾਇਆ ਕਿ ਪਿੰਡਾਂ ਵਿਚੋਂ ਨਸ਼ਾ ਖਤਮ ਕਰਨ ਲਈ ਪੰਚਾਇਤਾਂ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦਾ ਸਰਕਾਰ ਵਲੋਂ ਇਲਾਜ ਵੀ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਕਿਸੇ ਵੀ ਨਸ਼ਾ ਵੇਚਣ ਵਾਲੇ ਵਿਅਕਤੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਜਿਲਾ ਪ੍ਰਸਾਸ਼ਨ ਨੂੰ ਸੂਚਿਤ ਕੀਤਾ ਜਾਵੇ। ਮੰਤਰੀ ਨੇ ਜਿਲਾ ਪ੍ਰਸਾਸ਼ਨ ਨੂੰ ਵੀ ਸਖਤੀ ਨਾਲ ਹਦਾਇਤ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਅਤੇ ਤੁਰੰਤ ਕਾਰਵਾਈ ਕੀਤੀ ਜਾਵੇ।