Saturday, January 24Malwa News
Shadow

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਮਾਨਸਾ, 24 ਜਨਵਰੀ–            ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ‘ਚ  26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਫੁੱਲ ਡਰੈੱਸ ਰਿਹਰਸਲ ਮੌਕੇ ਕੀਤਾ।

          ਅੱਜ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਿਸ ਮਗਰੋਂ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਹੋਮਗਾਰਡਜ਼ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਐੱਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਸਨ। ਇਸ ਦੌਰਾਨ ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਕੌਮੀ ਗਾਣ ਪੇਸ਼ ਕੀਤਾ ਗਿਆ।

          ਇਸ ਮਗਰੋਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਕੂਲ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਜ਼ਿੰਮੇਵਾਰੀਆਂ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ।

             ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀਆਂ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਕਾਰਜਾਂ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।

          ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।  ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

            ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਟਰੈਫਿਕ ਵਿਵਸਥਾ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।

            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਐੱਸ.ਪੀ. ਪਰਦੀਪ ਸਿੰਘ ਸੰਧੂ, ਐੱਸ.ਡੀ.ਐੱਮ. ਮਾਨਸਾ ਸ. ਕਾਲਾ ਰਾਮ ਕਾਂਸਲ, ਐੱਸ.ਡੀ.ਐੱਮ. ਸਰਦੂਲਗੜ੍ਹ ਸ. ਹਰਜਿੰਦਰ ਸਿੰਘ ਜੱਸਲ, ਡਾ. ਗੁਰਲੀਨ ਕੌਰ ਆਈ.ਏ.ਐੱਸ. (ਯੂ.ਟੀ) ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।