Saturday, November 8Malwa News
Shadow

ਕੈਬਨਿਟ ਮੰਤਰੀ ਵੱਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ

ਜਲੰਧਰ, 21 ਜੁਲਾਈ : ਕੈਂਸਰ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਮੁਫ਼ਤ ਕੀਮੋਥੈਰੇਪੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਕੈਂਸਰ ਦੇ ਮਰੀਜ਼ਾਂ ਨੂੰ ਬਹੁਤ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਪਹਿਲਾਂ ਇਲਾਜ ਲਈ ਚੰਡੀਗੜ੍ਹ ਅਤੇ ਅੰਮ੍ਰਿਤਸਰ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਖੁੱਲ੍ਹਣ ਨਾਲ ਕੈਂਸਰ ਦੇ ਮਰੀਜ਼ਾਂ ਦੀਆਂ ਸਿਹਤ ਦੇ ਨਾਲ-ਨਾਲ ਵਿੱਤੀ ਮੁਸ਼ਕਲਾਂ ਵੀ ਘੱਟਣਗੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸਿਵਲ ਸਰਜਨ ਡਾ. ਗੁਰਮੀਤ ਲਾਲ ਵੀ ਮੌਜੂਦ ਸਨ।

ਸ਼੍ਰੀ ਭਗਤ ਨੇ ਦੱਸਿਆ ਕਿ 8 ਬਿਸਤਰਿਆਂ ਵਾਲੇ ਇਸ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਵਿੱਚ ਦਵਾਈਆਂ, ਆਕਸੀਜ਼ਨ ਸਮੇਤ ਸਮੁੱਚੀਆਂ ਲੋੜੀਂਦੀਆਂ ਸਹੂਲਤਾਂ ਮੌਜੂਦ ਹਨ ਅਤੇ ਕੈਂਸਰ ਦੇ ਮਰੀਜ਼ ਹੁਣ ਓਨਕੋਲੋਜੀ ਮਾਹਰ ਡਾਕਟਰ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਵਿਖੇ ਕੀਮੋਥੈਰੇਪੀ ਦੀ ਸਹੂਲਤ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਸੈਂਟਰ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਤਹਿਤ ਰਾਜ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਜਲੰਧਰ ਬਠਿੰਡਾ ਤੋਂ ਬਾਅਦ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਵਾਲਾ ਪੰਜਾਬ ਦਾ ਦੂਜਾ ਜ਼ਿਲ੍ਹਾ ਹਸਪਤਾਲ ਬਣ ਗਿਆ ਹੈ।

ਇਸ ਪਹਿਲਾਂ ਸ਼੍ਰੀ ਭਗਤ ਨੇ ਸਿਵਲ ਹਸਪਤਾਲ ਵਿਖੇ ਰੋਗੀ ਕਲਿਆਣ ਸਮਿਤੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

ਸਮਿਤੀ ਦੀ ਮੀਟਿੰਗ ਦੌਰਾਨ ਸਿਵਲ ਹਸਪਤਾਲ ਦੀ ਸੀਵਰੇਜ ਪਾਈਪ ਲਾਈਨ, ਬਾਥਰੂਮ ਠੀਕ ਕਰਵਾਉਣ, ਸੁਰੱਖਿਆ ਗਾਰਡ ਵਧਾਉਣ, ਸਫਾਈ ਆਦਿ ਕੰਮਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਸਫਾਈ ਸਬੰਧੀ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਜਲਦ ਹੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਦੀ ਨੁਹਾਰ ਬਦਲਣ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਸਿਵਲ ਹਸਪਤਾਲ ਦੇ ਨਾਲ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਕ੍ਰਿਟੀਕਲ ਕੇਅਰ ਦੀ ਲੋੜ ਵਾਲੇ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗਾਂ ਇਲਾਜ ਕਰਵਾਉਣ ਤੋਂ ਰਾਹਤ ਮਿਲੇਗੀ।

ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਰਾਜਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਰਮਨ ਗੁਪਤਾ, ਐਸ.ਐਮ.ਓ. ਡਾ. ਸੁਰਜੀਤ ਸਿੰਘ, ਡਾ. ਸਤਿੰਦਰ ਬਜਾਜ, ਡਾ. ਪ੍ਰਭਸ਼ਰਨ ਕੌਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਿਤੀ ਦੇ ਮੈਂਬਰ ਮੌਜੂਦ ਸਨ।