
ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।
ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਗਲੀਆਂ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਗਲੀਆਂ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ, ਬਲਵਿੰਦਰ ਕੁਮਾਰ, ਸਤਨਾਮ ਕਲੇਰ, ਪ੍ਰੀਤਮ ਸਿੰਘ, ਮਾਸਟਰ ਲਾਲ ਜੀ, ਵਿਨੋਦ ਸਾਈਂ ਜੀ, ਸੁਭਾਸ਼ ਗੋਰੀਆ ਆਦਿ ਵੀ ਮੌਜੂਦ ਸਨ।