
ਜਲੰਧਰ, 18 ਅਪ੍ਰੈਲ ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਿੰਦਰ ਕੌਰ ਥਿਆੜਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਦੀ ਸਹੂਲਤ ’ਤੇ ਧਿਆਨ ਕੇਂਦਰਿਤ ਕਰਦਿਆਂ ਜਲੰਧਰ ਵਿਖੇ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਜਲੰਧਰ ਵਿਖੇ 28444 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 24721 ਮੀਟਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਪੀਣ ਯੋਗ ਪਾਣੀ ਦੀ ਉਪਲਬੱਧਤਾ, ਸਾਫ਼ ਸਫ਼ਾਈ, ਛਾਂ, ਤਰਪਾਲਾਂ, ਬਾਰਦਾਨਾ ਤੋਂ ਇਲਾਵਾ ਹੋਰ ਸਹੂਲਤਾਂ ਦਾ ਪ੍ਰਬੰਧ ਅਧਿਕਾਰੀਆਂ ਵਲੋਂ ਪਹਿਲਾਂ ਹੀ ਕੀਤਾ ਗਿਆ ਹੈ। ਕਣਕ ਦੀ ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਣਕ ਦੀ ਅਦਾਇਗੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ੳਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਨੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਵੱਡਮੁੱਲੇ ਸੁਝਾਅ ਵੀ ਲਏ।
ਇਸ ਮੌਕੇ ਕਿਸਾਨ ਬਲਕਾਰ ਸਿੰਘ ਅਤੇ ਚਰਨਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਅਦਾਇਗੀ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਉਹ ਮੰਡੀ ਵਿੱਚ ਵੇਚਣ ਲਈ ਕਣਕ ਲਿਆਏ ਸਨ ਤੇ ਮੰਡੀ ਵਿੱਚ ਪਹੁੰਚਣ ਤੋਂ ਤੁਰੰਤ ਬਾਅਦ ਕਣਕ ਦੀ ਖ਼ਰੀਦ ਹੋਈ ਤੇ 24 ਘੰਟਿਆਂ ਦੇ ਵਿੱਚ ਬੈਂਕ ਖਾਤਿਆਂ ਵਿੱਚ ਅਦਾਇਗੀ ਵੀ ਮਿਲ ਗਈ ਹੈ। —————-