ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ।
ਇਸ ਮੀਟਿੰਗ ਵਿਚ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁਲਾਜ਼ਮਾਂ ਦੇ ਕੰਮ ਦੀਆਂ ਸਮੱਸਿਆਵਾਂ ਅਤੇ ਨੌਕਰੀ ਦੀ ਸਥਿਰਤਾ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ ਅਤੇ ਜਥੇਬੰਦੀਆਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਅਧਿਕਾਰੀਆਂ ਨਾਲ ਵਿਚਾਰਿਆ ਗਿਆ।
ਇਸ ਮੌਕੇ ਵਿੱਤਰ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਬਨਿਟ ਸਬ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਸਾਰੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਸਰਕਾਰ ਬਨਣ ਤੋਂ ਬਾਅਦ ਹੁਣ ਤੱਕ ਬਹੁਤ ਸਾਰੇ ਮਸਲੇ ਤਾਂ ਹੱਲ ਕਰ ਲਏ ਗਏ ਹਨ ਅਤੇ ਬਾਕੀ ਰਹਿੰਦੇ ਮਸਲੇ ਵੀ ਜਲਦੀ ਹੱਲ ਕਰ ਲਏ ਜਾਣਗੇ।
ਇਸ ਮੀਟਿੰਗ ਵਿਚ ਪਾਵਰਕੌਮ ਸੀ ਐਚ ਬੀ ਲਾਈਨਮੈਨ ਠੇਕਾ ਮੁਲਾਜ਼ਮ ਸੂਨੀਅਨ, ਸਰਬ ਸਿੱਖਿਆ ਅਭਿਐਨ ਮਿਡ ਡੇਅ ਮੀਲ ਦਫਤਰੀ ਮੁਲਾਜ਼ਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਹੋਏ।