Thursday, June 19Malwa News
Shadow

ਕੱਚੇ ਅਧਿਆਪਕ ਪੱਕੇ ਕਰਨ ਲਈ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 8 ਜਨਵਰੀ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੇ ਸਿਲਸਲੇ ਤਹਿਤ ਹੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਨੇ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਯੋਗਦਾਨ ਪਾ ਰਹੇ ਮੈਰੀਟੋਰੀਅਸ ਸਕੂਲਾਂ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਇਨ੍ਹਾਂ ਸਕੂਲਾਂ ਦੇ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ ਅਤੇ ਜਥਬੰਦੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕਮੇਟੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿੱਤ ਮੰਤਰੀ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਕੂਲਾਂ ਲਈ ਲੋੜੀਂਦੇ ਫੰਡਾਂ ਬਾਰੇ ਵੀ ਯੂਨੀਅਨ ਦੇ ਮੈਂਬਰਾਂ ਤੋਂ ਜਾਣਕਾਰੀ ਲੈ ਕੇ ਇਕ ਰਿਪੋਰਟ ਤਿਆਰ ਕੀਤੀ ਜਾਵੇ। ਤਾਂ ਜੋ ਇਸ ਰਿਪੋਰਟ ਦੇ ਆਧਾਰ ‘ਤੇ ਇਨ੍ਹਾਂ ਸਕੂਲਾਂ ਲਈ ਫੰਡਾਂ ਦਾ ਪ੍ਰਬੰਧ ਕੀਤਾ ਜਾ ਸਕੇ।
ਇਸੇ ਤਰਾਂ ਡੈਮੋਕਰੇਟਿਕ ਟੀਚਰਜ਼ ਫਰੰਟ ਨਾਲ ਮੀਟਿੰਗ ਦੌਰਾਨ ਅਦਾਲਤਾਂ ਵਿਚ ਚੱਲ ਰਹੇ ਅਧਿਆਪਕਾਂ ਦੇ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਕਮੇਟੀ ਨੇ ਕਿਹਾ ਕਿ ਇਸ ਸਬੰਧੀ ਐਡਵੋਕੇਟ ਜਨਰਲ ਦਫਤਰ ਪਾਸੋਂ ਕਾਨੂੰਨੀ ਰਾਇ ਲੈਣ ਪਿਛੋਂ ਅਜਿਹੇ ਮਸਲਿਆਂ ਦਾ ਹੱਲ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਅਤੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਕਮੇਟੀ ਕੋਲ ਰੱਖੇ ਗਏ ਮੁੱਦਿਆਂ ਬਾਰੇ ਵਿੱਤ ਮੰਤਰੀ ਨੇ ਭਰਸਾ ਦਿਵਾਇਆ ਕਿ ਸਰਕਾਰ ਵਲੋਂ ਇਨ੍ਹਾਂ ਸਾਰੇ ਮਾਮਲਿਆਂ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਪੰਜਾਬ ਦੀ ਸਰਕਾਰ ਵਲੋਂ ਮੁਲਾਜ਼ਮਾਂ ਤੇ ਹੋਰ ਵਰਗਾਂ ਦੀ ਹਰ ਸਮੱਸਿਆ ਦਾ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਤਾਂ ਹੱਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਵੀ ਜਲਦੀ ਹੱਲ ਕਰ ਲਈਆਂ ਜਾਣਗੀਆਂ।

Basmati Rice Advertisment