ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਖੋਲ੍ਹਣ ਤੋਂ ਪਹਿਲਾਂ ਸੁਰੱਖਿਆ ਨੂੰ ਪਹਿਲ ਦੇਣ ਸਕੂਲ ਪ੍ਰਬੰਧਕ: ਆਸ਼ਿਕਾ ਜੈਨ
ਹੁਸ਼ਿਆਰਪੁਰ, 7 ਸਤੰਬਰ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਕਾਰਨ ਬੰਦ ਕੀਤੇ ਗਏ ਸਾਰੇ ਸਕੂਲਾਂ ਨੂੰ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ 8 ਸਤੰਬਰ (ਸੋਮਵਾਰ) ਤੋਂ ਮੁੜ ਖੋਲ੍ਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਜ਼ਿਲ੍ਹਾ ਪੱਧਰ ‘ਤੇ ਜਿਹੜੇ ਇਲਾਕੇ ਅਜੇ ਵੀ ਹੜ੍ਹ ਤੋਂ ਪ੍ਰਭਾਵਿਤ ਹਨ, ਉੱਥੇ ਸਕੂਲ ਪ੍ਰਬੰਧਕਾਂ ਵੱਲੋਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨ ਕਲਾਸਾਂ ਚਲਾਈਆਂ ਜਾ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਨਿੱਜੀ ਸਕੂਲ 8 ਸਤੰਬਰ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਲਈ ਖੁਲ੍ਹ ਜਾਣਗੇ। ਸਕੂਲ ਪ੍ਰਬੰਧਨ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇਮਾਰਤ ਅਤੇ ਕਲਾਸਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਦੂਜੇ ਪਾਸੇ, ਸਰਕਾਰੀ ਸਕੂਲਾਂ ਦੀ ਸਮਾਂ-ਸਾਰਣੀ ਵੱਖ ਰਹੇਗੀ। 8 ਸਤੰਬਰ ਨੂੰ ਅਧਿਆਪਕ ਅਤੇ ਸਟਾਫ ਸਕੂਲ ਪਹੁੰਚ ਕੇ ਜਾਂਚ, ਸਫਾਈ ਅਤੇ ਹੋਏ ਨੁਕਸਾਨ ਦਾ ਮੁਲਾਂਕਣ ਕਰਨਗੇ ਅਤੇ ਇਸ ਦੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਦੇਣਗੇ। ਵਿਦਿਆਰਥੀਆਂ ਦੀਆਂ ਕਲਾਸਾਂ 9 ਸਤੰਬਰ ਤੋਂ ਸ਼ੁਰੂ ਹੋਣਗੀਆਂ।
...








