Thursday, December 25Malwa News
Shadow

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ, 09 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

ਬੁਢਲਾਡਾ/ਸਰਦੂਲਗੜ੍ਹ/ਮਾਨਸਾ, 24 ਦਸੰਬਰ:-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਆਦੇਸ਼ਾਂ ‘ਤੇ ਬਾਲ ਸੁਰੱਖਿਆ ਵਿਭਾਗ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਸਰਗਰਮ ਹੈ ਜਿਸ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਅਤੇ ਬਾਲ ਮਜ਼ਦੂਰੀ ਰੋਕਣ ਸਬੰਧੀ ਚੈਕਿੰਗ ਕੀਤੀ ਗਈ।

ਇਸ ਦੌਰਾਨ 09 ਬੱਚੇ ਭੀਖ ਮੰਗਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਕੇ ਬੱਚਿਆਂ ਅਤੇ ਮਾਪਿਆਂ ਦੀ ਕਾਊਂਸਲਿੰਗ ਕਰਨ ਉਪਰੰਤ ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਕੂਲ ਭੇਜਣ ਦੀ ਹਦਾਇਤ ਕੀਤੀ ਗਈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇੱਕ ਗੰਭੀਰ ਸਮਾਜਿਕ ਅਪਰਾਧ ਹੈ। ਸਾਡੇ ਸਮਾਜ ਵਿੱਚ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਪ੍ਰਥਾ ਤੇਜ਼ੀ ਨਾਲ ਵਧ ਰਹੀ ਹੈ, ਜੋ ਕਿ ਇੱਕ ਬਹੁਤ ਹੀ ਚਿੰਤਾਜਨਕ ਅਤੇ ਸ਼ਰਮਨਾਕ ਸਥਿਤੀ ਹੈ। ਨਿੱਕੇ-ਨਿੱਕੇ ਬੱਚੇ, ਜਿੰਨ੍ਹਾਂ ਦੇ ਹੱਥਾਂ ਵਿੱਚ ਕਿਤਾਬਾਂ ਅਤੇ ਕਲਮ ਹੋਣੀ ਚਾਹੀਦੀ ਹੈ, ਉਹ ਅੱਜ ਸੜਕਾਂ, ਚੌਰਾਹਿਆਂ ਅਤੇ ਮੰਦਰਾਂ-ਮਸਜਿਦਾਂ ਦੇ ਬਾਹਰ ਭੀਖ ਮੰਗਦੇ ਨਜ਼ਰ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਸਿਰਫ਼ ਗਰੀਬੀ ਦੀ ਸਮੱਸਿਆ ਨਹੀਂ, ਸਗੋਂ ਇਹ ਇੱਕ  ਸ਼ੋਸ਼ਣ ਹੈ। ਕਈ ਵਾਰ ਇਹ ਬੱਚੇ ਮਾਫ਼ੀਆ ਜਾਂ ਲਾਲਚੀ ਲੋਕਾਂ ਦੇ ਕਬਜ਼ੇ ਹੇਠ ਹੁੰਦੇ ਹਨ, ਜੋ ਉਨ੍ਹਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕਦੇ ਹਨ। ਇਹ ਬੱਚੇ ਸਿੱਖਿਆ, ਸਿਹਤ ਅਤੇ ਸੁਰੱਖਿਆ ਪੱਖੋਂ ਬਚਪਨ ਤੋਂ ਵਾਂਝੇ ਰਹਿੰਦੇ ਹਨ, ਜੋ ਉਨ੍ਹਾਂ ਦੇ ਭਵਿੱਖ ਲਈ ਖ਼ਤਰਨਾਕ ਸਾਬਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਕਾਨੂੰਨ ਅਨੁਸਾਰ ਬੱਚਿਆਂ ਤੋਂ ਭੀਖ ਮੰਗਵਾਉਣਾ ਗੈਰਕਾਨੂੰਨੀ ਹੈ ਅਤੇ ਇਸ ਲਈ ਸਖ਼ਤ ਸਜ਼ਾਵਾਂ ਦਾ ਪ੍ਰਾਵਧਾਨ ਹੈ। ਫਿਰ ਵੀ, ਕਾਨੂੰਨਾਂ ਦੀ ਪੂਰੀ ਤਰ੍ਹਾਂ ਪਾਲਣਾ ਨਾ ਹੋਣ ਕਾਰਨ ਇਹ ਸਮੱਸਿਆ ਜਾਰੀ ਹੈ।

ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਸਰਕਾਰ, ਪ੍ਰਸ਼ਾਸਨ, ਸਮਾਜਿਕ ਸੰਸਥਾਵਾਂ ਅਤੇ ਆਮ ਨਾਗਰਿਕਾਂਨੂੰ ਮਿਲ ਕੇ ਇਸ ਬੁਰਾਈ ਖ਼ਿਲਾਫ਼ ਆਵਾਜ਼ ਉਠਾਉਣੀ ਹੋਵੇਗੀ। ਸੜਕਾਂ ‘ਤੇ ਭੀਖ ਮੰਗਦੇ ਬੱਚਿਆਂ ਨੂੰ ਪੈਸੇ ਦੇਣ ਦੀ ਬਜਾਏ, ਉਨ੍ਹਾਂ ਦੀ ਸਹਾਇਤਾ ਲਈ ਸਬੰਧਤ ਅਧਿਕਾਰੀਆਂ ਜਾਂ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਜਾਣਕਾਰੀ ਦੇਣੀ ਚਾਹੀਦੀ ਹੈ।
ਆਓ, ਅਸੀਂ ਸਭ ਮਿਲ ਕੇ ਇਹ ਸੰਕਲਪ ਲਈਏ ਕਿ ਹਰ ਬੱਚੇ ਨੂੰ ਭੀਖ ਨਹੀਂ, ਸਿੱਖਿਆ ਅਤੇ ਸੁਰੱਖਿਅਤ ਭਵਿੱਖ ਦਿੱਤਾ ਜਾਵੇ। 

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ ਰਜਿੰਦਰ ਵਰਮਾ, ਭੂਸ਼ਣ ਸਿੰਗਲਾ, ਚਾਈਲਡਲਾਈਨ ਤੋਂ ਮੈਡਮ ਸ਼ੈਲੀ, ਬਾਲ ਭਲਾਈ ਕਮੇਟੀ ਮੈਂਬਰ ਮਹਿੰਦਰ ਪਾਲ ਸਿੰਘ, ਥਾਣਾ ਮੁਖੀ ਸਰਦੂਲਗੜ੍ਹ ਗਣੇਸ਼ਵਰ ਕੁਮਾਰ ਸ਼ਰਮਾ ਹਾਜ਼ਰ ਸਨ।