ਚੰਡੀਗੜ੍ਹ 7 ਨਵੰਬਰ: ਪੰਜਾਬ ਸਰਕਾਰ ਨੇ ਡੀ ਏ ਪੀ ਖਾਦ ਦੀ ਜਮਾਂਖੋਰੀ ਕਰਨ ਦੇ ਮਾਮਲੇ ਵਿਚ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਐਸ ਡੀ ਐਮ ਦੀ ਨਿਗਰਾਨੀ ਹੇਠ ਫਿਰੋਜ਼ਪੁਰ ਵਿਖੇ ਮੈਸਰਜ਼ ਸਚਦੇਵਾ ਟਰੇਡਰਜ ਦੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਦੇਖਿਆ ਗਿਆ ਕਿ ਗੋਦਾਮਾਂ ਵਿਚ ਡੀ ਏ ਪੀ ਖਾਦ ਦੀ ਅਣ ਅਧਿਕਾਰਤ ਸਟੋਰੇਜ ਕੀਤੀ ਗਈ ਹੈ। ਪੜਤਾਲ ਕੀਤੀ ਗਈ ਤਾਂ ਫਰਮ ਦੇ ਮਾਲਕਾਂ ਵੱਲੋਂ ਡੀ ਏ ਪੀ ਦਾ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਜਾ ਸਕਿਆ।
ਇਸ ਤੋਂ ਬਾਅਦ ਜਦੋਂ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਜ਼ਿਲੇ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਪੁੱਛਿਆ ਗਿਆ ਤਾਂ ਉਹ ਵੀ ਕੋਈ ਜਵਾਬ ਨਹੀਂ ਦੇ ਸਕਿਆ। ਇਸ ਸਬੰਧੀ ਪਹਿਲਾਂ ਹੀ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਲਈ ਮੁੱਖ ਖੇਤੀਬਾੜੀ ਅਫਸਰ ਨੇ ਆਪਣੀ ਜੁੰਮੇਵਾਰੀ ਨਹੀਂ ਨਿਭਾਈ। ਸਰਕਾਰ ਵੱਲੋਂ ਵੀ ਪਹਿਲਾਂ ਹੀ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਜਾ ਚੁੱਕੀ ਹੈ। ਇਸ ਆਧਾਰ ਤੇ ਅੱਜ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।