Thursday, June 25Malwa News
Shadow

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੁਜ਼ਗਾਰਮੁਖੀ ਸਿੱਖਿਆ, ਆਧੁਨਿਕ ਤਕਨੀਕ, ਗੁਣਵੱਤਾ ਸੁਧਾਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 25 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋ  ਕੌਸ਼ਲ, ਰੁਜ਼ਗਾਰ, ਨਵਾਚਾਰ ਅਤੇ ਰਾਸ਼ਟਰ ਨਿਰਮਾਣ ਦਾ ਇੱਕ ਮਜ਼ਬੂਤ ਅਧਾਰ ਮੰਨਦੀ ਹੈ। ‘ਹਰਿਆਣਾ ਵਿਜ਼ਨ-2047’ ਤਹਿਤ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਸੂਬੇ ਦੇ ਨੌਜਵਾਨਾਂ ਨੂੰ ਆਤਮ-ਨਿਰਭਰ, ਸਮਰੱਥ ਅਤੇ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕਰਨਗੇ ਅਤੇ ਹਰਿਆਣਾ ਨੂੰ ਦੇਸ਼ ਦੇ ਮੋਹਰੀ ਸਿੱਖਿਆ ਅਤੇ ਹੁਨਰ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੀ ‘ਹਰਿਆਣਾ ਵਿਜ਼ਨ-2047’ ਤਹਿਤ ਆਗਾਮੀ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਲੈ ਰਹੇ ਸਨ। ਇਸ ਦੌਰਾਨ ਦੋਵਾਂ ਵਿਭਾਗਾਂ ਨਾਲ ਸਬੰਧਤ ਬਜਟ ਘੋਸ਼ਣਾਵਾਂ, ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਅਤੇ ਸਿੱਖਿਆ ਖੇਤਰ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਵਿਸ਼ੇਸ਼ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉੱਚੇਰੀ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਅਮਨੀਤ ਪੀ. ਕੁਮਾਰ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਪ੍ਰਭਜੋਤ ਸਿੰਘ, ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਜਨਰਲ ਸ੍ਰੀ ਜਿਤੇਂਦਰ ਕੁਮਾਰ, ਮੁੱਖ ਮੰਤਰੀ ਦੇ ਓ.ਐੱਸ.ਡੀ. ਅਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਟੀਚਾ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਵਧੇਰੇ ਆਧੁਨਿਕ, ਗੁਣਵੱਤਾ ਭਰਪੂਰ, ਰੁਜ਼ਗਾਰਮੁਖੀ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਦੇ ਅਨੁਕੂਲ ਬਣਾਉਣਾ ਹੈ, ਤਾਂ ਜੋ ਸੂਬੇ ਦੇ ਨੌਜਵਾਨ ਭਵਿੱਖ ਦੀਆਂ ਚੁਣੌਤੀਆਂ ਅਤੇ ਮੌਕਿਆਂ ਲਈ ਪੂਰੀ ਤਰ੍ਹਾਂ ਤਿਆਰ ਹੋ ਸਕਣ।

ਤਕਨੀਕੀ ਸਿੱਖਿਆ ਵਿਭਾਗ ਦੀ ਸਮੀਖਿਆ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਰੁਜ਼ਗਾਰਮੁਖੀ ਸਿੱਖਿਆ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਆਉਣ ਵਾਲੇ ਸਮੇਂ ਵਿੱਚ 10 ਇੰਡਸਟ੍ਰੀਅਲ ਮਾਡਲ ਟਾਊਨਸ਼ਿਪ  ਵਿਕਸਤ ਹੋਣ ਜਾ ਰਹੀਆਂ ਹਨ। ਅਜਿਹੇ ਵਿੱਚ ਹੁਣ ਤੋਂ ਹੀ ਇਸ ਦਿਸ਼ਾ ਵਿੱਚ ਕੰਮ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਨੂੰ ਉੱਨਤ ਤਕਨੀਕ ਅਧਾਰਤ ਸਿੱਖਿਆ ਅਤੇ ਸਿਖਲਾਈ ਉਪਲਬਧ ਕਰਵਾਈ ਜਾ ਸਕੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਰਸ ਅਤੇ ਸਿਲੇਬਸ ਤਿਆਰ ਕਰਦੇ ਸਮੇਂ ਉਦਯੋਗਾਂ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਇਸ ਦੇ ਨਾਲ ਹੀ ਉਦਯੋਗ ਜਗਤ ਨਾਲ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਸ਼ਾਰਟ ਟਰਮ ਸਕਿੱਲ ਕੋਰਸ ਸ਼ੁਰੂ ਕੀਤੇ ਜਾਣ, ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਲਈ ਤਿਆਰ ਕੀਤਾ ਜਾ ਸਕੇ ਅਤੇ ਉਦਯੋਗਾਂ ਨੂੰ ਸਿਖਲਾਈ ਪ੍ਰਾਪਤ ਮਨੁੱਖੀ ਸਰੋਤ ਉਪਲਬਧ ਹੋ ਸਕਣ।

ਮੁੱਖ ਮੰਤਰੀ ਨੇ ਆਈ.ਟੀ.ਆਈ., ਪੌਲੀਟੈਕਨਿਕ ਕਾਲਜਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਦੀ ਗੁਣਵੱਤਾ, ਰੈਂਕਿੰਗ ਅਤੇ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਵਿਸ਼ੇਸ਼ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦੀ ਨਿਯਮਤ ਮੁਲਾਂਕਣ ਪ੍ਰਣਾਲੀ ਵਿਕਸਤ ਕੀਤੀ ਜਾਵੇ, ਤਾਂ ਜੋ ਸਿੱਖਿਆ ਅਤੇ ਸਿਖਲਾਈ ਦੀ ਗੁਣਵੱਤਾ ਵਿੱਚ ਨਿਰੰਤਰ ਸੁਧਾਰ ਹੋ ਸਕੇ।

ਪੌਲੀਟੈਕਨਿਕ ਸੰਸਥਾਵਾਂ ਨੂੰ ਬਣਾਇਆ ਜਾਵੇਗਾ ਅਤਿ-ਆਧੁਨਿਕ

ਮੀਟਿੰਗ ਦੌਰਾਨ ਸੂਬੇ ਵਿੱਚ ਸਥਾਪਿਤ ਕੀਤੇ ਜਾ ਰਹੇ ਚਾਰ ਨਵੇਂ ਪੌਲੀਟੈਕਨਿਕ ਕਾਲਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੀਆਂ ਹੋਰ ਪੌਲੀਟੈਕਨਿਕ ਸੰਸਥਾਵਾਂ ਦੀ ਗੁਣਵੱਤਾ ਵਧਾਉਣ, ਆਧੁਨਿਕ ਮਸ਼ੀਨਰੀ ਉਪਲਬਧ ਕਰਵਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਿਰਫ ਇਮਾਰਤ ਦਾ ਨਿਰਮਾਣ ਹੀ ਕਾਫ਼ੀ ਨਹੀਂ ਹੈ, ਸਗੋ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕ ਨਾਲ ਜੋੜਨ ਵਾਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਦੇ ਲਈ ਉਨ੍ਹਾਂ ਨੇ ਮਸ਼ੀਨਰੀ ਅਪਗ੍ਰੇਡ ਕਰਨ, ਬਿਲਡਿੰਗ ਨਿਰਮਾਣ ਸਮੇਤ ਤਮਾਮ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ।

ਪ੍ਰੇਰਨਾਦਾਇਕ ਵਿਦਿਅਕ ਮਾਹੌਲ ਅਤੇ ਸਟਾਰਟਅੱਪ ‘ਤੇ ਵੀ ਹੋਈ ਚਰਚਾ

ਮੁੱਖ ਮੰਤਰੀ ਨੇ ਵਿੱਦਿਅਕ ਅਦਾਰਿਆਂ ਵਿੱਚ ਹਰਿਆਵਲ, ਸਫ਼ਾਈ ਅਤੇ ਬਿਹਤਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੰਸਥਾਵਾਂ ਦਾ ਡਿਜ਼ਾਈਨ ਆਕਰਸ਼ਕ ਹੋਵੇ ਅਤੇ ਵਿਦਿਆਰਥੀਆਂ ਨੂੰ ਹਾਂਪੱਖੀ ਅਤੇ ਪ੍ਰੇਰਨਾਦਾਇਕ ਮਾਹੌਲ ਮਿਲੇ। ਮੀਟਿੰਗ ਵਿੱਚ ਇਨਕਿਊਬੇਸ਼ਨ ਸੈਂਟਰਾਂ ਰਾਹੀਂ ਸਥਾਪਿਤ ਸਟਾਰਟਅੱਪਸ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਫ਼ਲ ਸਟਾਰਟਅੱਪਸ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਨਵਾਚਾਰ ਅਤੇ ਉੱਦਮਤਾ (ਐਂਟਰਪ੍ਰੀਨਿਓਰਸ਼ਿਪ) ਦੀ ਦਿਸ਼ਾ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਹੋ ਸਕਣ।

ਸਕੂਲ ਸਿੱਖਿਆ ਵਿੱਚ ਗੁਣਵੱਤਾ ਅਤੇ ਜਵਾਬਦੇਹੀ ਵਧਾਉਣ ‘ਤੇ ਫੋਕਸ

ਸਕੂਲ ਸਿੱਖਿਆ ਵਿਭਾਗ ਦੀ ਸਮੀਖਿਆ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਸਕੂਲਾਂ ਵਿੱਚ ਚੱਲ ਰਹੇ ਨਿਰਮਾਣ ਕਾਰਜਾਂ, ਲੈਬਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਗੁਣਵੱਤਾ ਦੀ ਨਿਗਰਾਨੀ ਲਈ ਵਿਜੀਲੈਂਸ ਕਮੇਟੀ ਦੇ ਗਠਨ ਦੇ ਨਿਰਦੇਸ਼ ਦਿੱਤੇ। ਇਹ ਕਮੇਟੀਆਂ ਸਕੂਲਾਂ ਦੀ ਅਚਾਨਕ ਚੈਕਿੰਗ ਕਰਨਗੀਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ, ਉਪਲਬਧ ਸਹੂਲਤਾਂ ਅਤੇ ਪ੍ਰਬੰਧਾਂ ਬਾਰੇ ਫੀਡਬੈਕ ਵੀ ਹਾਸਲ ਕਰਨਗੀਆਂ। ਉਨ੍ਹਾਂ ਕਿਹਾ ਕਿ ਵਿਭਾਗ ਦਾ ਉਦੇਸ਼ ਸਿੋਰਫ ਪ੍ਰਬੰਧ ਕਰਨਾ ਨਹੀਂ, ਸਗੋ ਸਿੱਖਿਆ ਦੀ ਗੁਣਵੱਤਾ ਵਿੱਚ ਅਸਲ ਸੁਧਾਰ ਲਿਆਉਣਾ ਹੋਣਾ ਚਾਹੀਦਾ ਹੈ।

ਸਕੂਲਾਂ ਵਿੱਚ ਹੋਵੇਗਾ ਸਫ਼ਾਈ ਪੀਰੀਅਡ, ਮਿਲੇਗਾ ਸਰਟੀਫਿਕੇਟ

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਮਾਜਿਕ ਸਰੋਕਾਰਾਂ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਹਫ਼ਤੇ ਵਿੱਚ ਇੱਕ ਪੀਰੀਅਡ ਸਫ਼ਾਈ ਗਤੀਵਿਧੀਆਂ ਲਈ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਸਨ, ਇਸ ‘ਤੇ ਵੀ ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਰਿਪੋਰਟ ਲਈ। ਜਿਸ ‘ਤੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ, ਸਕੂਲ ਵਿੱਚ ਐਸੈਂਬਲੀ ਦੌਰਾਨ ਹਰਿਆਣਾ ਰਾਜ ਗੀਤ ਦਾ ਗਾਇਨ ਵੀ ਹੋਇਆ ਕਰੇਗਾ। ਇਸ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਸਮਾਜਿਕ ਸਰੋਕਾਰਾਂ ਅਤੇ ਸਫ਼ਾਈ ਪ੍ਰਤੀ ਹੋਣ ਵਾਲੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ  ਵੀ ਦਿੱਤੇ ਜਾਣਗੇ।

ਟੈਂਡਰ ਪ੍ਰਕਿਰਿਆਵਾਂ ਦੇ ਸਮੇਂ ਨੂੰ ਘਟਾਉਣ ਦੇ ਨਿਰਦੇਸ਼

ਮੁੱਖ ਮੰਤਰੀ ਨੇ ਸਕੂਲਾਂ ਨਾਲ ਸਬੰਧਤ ਖਰੀਦ ਅਤੇ ਟੈਂਡਰ ਪ੍ਰਕਿਰਿਆਵਾਂ ਨੂੰ 7 ਤੋਂ 14 ਦਿਨਾਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੂਬੇ ਦਾ ਕੋਈ ਵੀ ਸਕੂਲ ਅਜਿਹਾ ਨਹੀਂ ਹੋਣਾ ਚਾਹੀਦਾ, ਜਿੱਥੇ ਵਿਦਿਆਰਥੀਆਂ ਨੂੰ ਟਾਟ-ਪੱਟੀ ‘ਤੇ ਬੈਠਣਾ ਪਵੇ। ਸਾਰੇ ਸਕੂਲਾਂ ਵਿੱਚ ਲੋੜੀਂਦੀ ਗਿਣਤੀ ਵਿੱਚ ਡੈਸਕ ਉਪਲਬਧ ਕਰਵਾਏ ਜਾਣ। ਉਨ੍ਹਾਂ ਨੇ ਸਕੂਲਾਂ ਵਿੱਚ ਚਾਰਦੀਵਾਰੀ), ਸਫ਼ਾਈ, ਸੁੰਦਰੀਕਰਨ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਬੈਠਕ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ 1065 ਲੈਬਾਂ ਸਥਾਪਿਤ ਕੀਤੀਆਂ ਜਾਣੀਆਂ ਹਨ। ਇਸ ‘ਤੇ ਮੁੱਖ ਮੰਤਰੀ ਨੇ ਇਨ੍ਹਾਂ ਦੀ ਗਿਣਤੀ ਵਧਾ ਕੇ 2 ਹਜ਼ਾਰ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦਾ ਲਾਭ ਮਿਲ ਸਕੇ।

ਹਰ ਸਕੂਲ ਵਿੱਚ ਹੋਣਗੇ ਚੌਕੀਦਾਰ ਅਤੇ ਸਫ਼ਾਈ ਕਰਮਚਾਰੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਕੋਈ ਵੀ ਸਕੂਲ ਚੌਕੀਦਾਰ ਅਤੇ ਸਫ਼ਾਈ ਕਰਮਚਾਰੀ ਤੋਂ ਬਿਨਾਂ ਨਹੀਂ ਹੋਣਾ ਚਾਹੀਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋੜ ਪੈਣ ‘ਤੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਲਿਮਟਿਡ ਰਾਹੀਂ ਵੀ ਇਹ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸਕੂਲਾਂ ਲਈ ਡਸਟਬਿਨ ਲੈਣ ਅਤੇ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਗ੍ਰਾਮ ਪੰਚਾਇਤ ਅਤੇ ਯੂ.ਐਲ.ਬੀ ਨਾਲ ਤਾਲਮੇਲ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਸੁਪਰ-100 ਪਲੱਸ ਅਤੇ ਨਵਾਂ ਸੈਂਟਰ ਹੋਵੇਗਾ ਸਥਾਪਿਤ

ਮੀਟਿੰਗ ਵਿੱਚ ਨਿਪੁੰਨ ਹਰਿਆਣਾ ਮਿਸ਼ਨ, ਸੁਪਰ-100 ਯੋਜਨਾ ਅਤੇ ਸਕੂਲ ਛੱਡ ਚੁੱਕੇ ਬੱਚਿਆਂ ਦੀ ਟ੍ਰੈਕਿੰਗ ਪ੍ਰਣਾਲੀ ਦੀ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਹੋਰ ਬਿਹਤਰ ਮੌਕੇ ਉਪਲਬਧ ਕਰਵਾਉਣ ਲਈ ‘ਸੁਪਰ-100 ਪਲੱਸ’ ਪ੍ਰੋਗਰਾਮ ਸ਼ੁਰੂ ਕਰਨ ਅਤੇ ਇਸ ਦੇ ਲਈ ਇੱਕ ਵਾਧੂ ਵਿਸ਼ੇਸ਼ ਕੇਂਦਰ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਤਹਿਤ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਦੀ ਮੁਫ਼ਤ ਕੋਚਿੰਗ ਉਪਲਬਧ ਕਰਵਾਈ ਜਾਂਦੀ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ। ਬੈਠਕ ਵਿੱਚ ਸਕੂਲਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਦੀ ਸਮੀਖਿਆ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਵਿੱਚ ਕਿਸੇ ਬੀਮਾਰੀ ਜਾਂ ਸਿਹਤ ਸਬੰਧੀ ਸਮੱਸਿਆ ਦਾ ਪਤਾ ਲੱਗਦਾ ਹੈ, ਤਾਂ ਉਸ ਦੇ ਮਾਪਿਆਂ ਨੂੰ ਸਮੇਂ ਸਿਰ ਇਸ ਦੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਯੋਗ ਇਲਾਜ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਜਲਦੀ ਹੀ 1500 ਵਿਸ਼ੇਸ਼ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਜਰਮਨ ਭਾਸ਼ਾ ਸਿੱਖਿਆ ਲਈ ਐਮ.ਓ.ਯੂ. ਕੀਤਾ ਜਾ ਚੁੱਕਾ ਹੈ ਅਤੇ ਇਸ ਦਿਸ਼ਾ ਵਿੱਚ ਕੰਮ ਪ੍ਰਗਤੀ ਅਧੀਨ ਹੈ।