
ਚੰਡੀਗੜ੍ਹ, 6 ਫਰਵਰੀ:– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਨੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ‘ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਸੱਭਿਅਤਾ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਨੂੰ ਸਖ਼ਤ ਮਿਹਨਤ ਅਤੇ ਹਿੰਮਤ ਦੇ ਨਾਲ-ਨਾਲ ਇੱਕ ਅਮੀਰ ਸੱਭਿਆਚਾਰਕ ਵਿਰਾਸਤ ਮਿਲੀ ਹੈ। ਪੰਜਾਬ ਕਲਾ ਪ੍ਰੀਸ਼ਦ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਮੇਂ ਦੀ ਲੋੜ ਹਨ ਤਾਂ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਇੱਕ ਅਜਿਹੀ ਸ਼ਖਸੀਅਤ ਨੂੰ ਸਮਰਪਿਤ ਹੈ ਜਿਹਨਾਂ ਨੇ ਪੰਜਾਬ ਦੇ ਲੋਕਾਂ ਅੰਦਰ ਉਮੀਦ ਦੀ ਕਿਰਨ ਜਗਾਈ ਸੀ। ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਆਪਣੇ ਦਿਲ ਦੀਆਂ ਗਹਿਰਾਈਆਂ ਤੋਂ ਯਾਦ ਕਰਦਿਆਂ, ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ 1947 ਦੀ ਦੇਸ਼ ਦੀ ਵੰਡ ਤੋਂ ਬਾਅਦ ਆਧੁਨਿਕ ਪੰਜਾਬ ਦਾ ਨਿਰਮਾਤਾ ਦੱਸਿਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਡਾ. ਰੰਧਾਵਾ ਇੱਕ ਯੋਗ ਪ੍ਰਸ਼ਾਸਕ ਹੋਣ ਦੇ ਨਾਲ ਇੱਕ ਦਾਰਸ਼ਨਿਕ ਵੀ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਡਾ. ਰੰਧਾਵਾ ਸੂਝ ਅਤੇ ਸਹਿਣਸ਼ੀਲਤਾ ਵਰਗੇ ਗੁਣਾਂ ਨਾਲ ਭਰਪੂਰ ਸਨ ਅਤੇ ਉਨ੍ਹਾਂ ਨੂੰ ਪਤਾ ਸੀ ਕਿ ਜੇਕਰ ਕਿਸੇ ਕੌਮ ਦਾ ਪੇਟ ਖਾਲੀ ਹੈ ਤਾਂ ਉਹ ਲੜ ਨਹੀਂ ਸਕਦੀ ਪਰ ਜੇਕਰ ਉਸਦੀ ਰੂਹ ਖਾਲੀ ਹੈ ਤਾਂ ਉਹ ਖਤਮ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਇੱਕ ਪਾਸੇ, ਡਾ. ਰੰਧਾਵਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਅਤੇ ਦੂਜੇ ਪਾਸੇ, ਉਨ੍ਹਾਂ ਨੇ ਪੰਜਾਬ ਭਰ ਵਿੱਚ ਚੰਡੀਗੜ੍ਹ ਆਰਟ ਗੈਲਰੀ ਅਤੇ ਸੱਭਿਆਚਾਰਕ ਕੇਂਦਰ ਸਥਾਪਤ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੀ ਅਸੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਿਸਾਨਾਂ, ਸਾਹਿਤਕਾਰਾਂ ਅਤੇ 1947 ਦੀ ਵੰਡ ਦੌਰਾਨ ਉਜਾੜੇ ਗਏ ਲੋਕਾਂ ਦਾ ਸਾਥ ਦੇਣ ਵਾਲੀਆਂ ਸ਼ਖਸੀਅਤਾਂ ਦੀ ਗੱਲ ਕਰਦੇ ਹਾਂ ਤਾਂ ਸਾਡੇ ਮਨ ਵਿੱਚ ਸਿਰਫ਼ ਡਾ. ਰੰਧਾਵਾ ਦਾ ਨਾਮ ਆਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਰੀ ਕ੍ਰਾਂਤੀ ਦਾ ਸਿਹਰਾ ਡਾ. ਰੰਧਾਵਾ ਨੂੰ ਜਾਂਦਾ ਹੈ ਅਤੇ ਉਨ੍ਹਾਂ ਕਿਹਾ ਕਿ ਉਸ ਸਮੇਂ ਦੌਰਾਨ ਉਨ੍ਹਾਂ ਦੀ ਦੂਰਦਰਸ਼ੀ ਸੋਚ ਕਾਰਨ ਪੰਜਾਬ ਨੇ ਭਾਰਤ ਨੂੰ ਅਕਾਲ ਤੋਂ ਬਚਾਇਆ। ਡਾ. ਰੰਧਾਵਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ‘ਅਨਾਜ’ ਅਤੇ ‘ਕਿਸਾਨ’ ਉੱਤੇ ਨਿਰਭਰ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਸਮਾਗਮ ਕੋਈ ਰਾਜਨੀਤਿਕ ਇਕੱਠ ਨਹੀਂ, ਸਗੋਂ ਇਹ ਪੰਜਾਬੀ ਮਾਂ ਬੋਲੀ ਅਤੇ ਭਾਸ਼ਾ ਦੇ ਵਿਕਾਸ ਦਾ ਉਤਸਵ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਮਾਂ ਬੋਲੀ ਨੂੰ ਹਰ ਮਾਧਿਅਮ ਰਾਹੀਂ ਉਤਸ਼ਾਹਿਤ ਕਰਨਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਅਤੇ ਕਰੀਅਰ ‘ਤੇ ਕਵਿਤਾ, ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਡੂੰਘੇ ਪ੍ਰਭਾਵ ਨੂੰ ਵੀ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਸੰਤ ਰਾਮ ਉਦਾਸੀ, ਦਵਿੰਦਰ ਸਤਿਆਰਥੀ, ਰਸੂਲ ਹਮਜ਼ਾਤੋਜ਼, ਨਰਿੰਦਰ ਕਪੂਰ, ਕੀਟਸ, ਸ਼ਿਵ ਬਟਾਲਵੀ ਅਤੇ ਕਈ ਹੋਰਨਾਂ ਮਹਾਨ ਹਸਤੀਆਂ ਨੂੰ ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਉਨ੍ਹਾਂ ਦੇ ਅਥਾਹ ਯੋਗਦਾਨ ਲਈ ਯਾਦ ਕੀਤਾ ।