ਫਰੀਦਕੋਟ, 4 ਜਨਵਰੀ : ਪੰਜਾਬ ਦੀਆਂ ਜੇਲਾਂ ਵਿਚ ਬੰਦ ਔਰਤਾਂ ਦੇ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ ਵਿਚ ਇਨਰੋਲ ਕੀਤਾ ਜਾਵੇਗਾ, ਤਾਂ ਜੋ ਉਹ ਮੁੱਢਲੀ ਸਿੱਖਿਆ ਲੈਣ ਦੇ ਨਾਲ ਨਾਲ ਪੌਸ਼ਟਿਕ ਖਾਣਾ ਵੀ ਖਾ ਸਕਣ। ਇਸ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਬਹੁਤ ਸਾਰੀਆਂ ਨਵੀਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਅੱਜ ਮਾਡਰਨ ਜੇਲ ਫਰੀਦਕੋਟ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਜੇਲ ਵਿਚ ਬੁਨਿਆਦੀ ਲੋੜਾਂ ਦਾ ਮੁਆਇਨਾ ਕੀਤਾ ਅਤੇ ਕੈਦੀ ਮਹਿਲਾਵਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਜੋ ਮਹਿਲਾਵਾਂ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੇ ਬੱਚੇ ਵੀ ਉਨ੍ਹਾਂ ਦੇ ਨਾਲ ਜੇਲ੍ਹਾਂ ਵਿਚ ਰਹਿ ਰਹੇ ਹਨ, ਉਨ੍ਹਾਂ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ ਵਿਚ ਦਾਖਲ ਕੀਤਾ ਜਾਵੇਗਾ। ਇਸ ਨਾਲ ਇਹ ਬੱਚੇ ਮੁਢਲੀ ਸਿੱਖਿਆ ਵੀ ਹਾਸਲ ਕਰ ਸਕਣਗੇ ਅਤੇ ਆਂਗਨਵਾੜੀ ਸੈਂਟਰਾਂ ਵਿਚ ਸਰਕਾਰ ਵਲੋਂ ਦਿੱਤੇ ਜਾਂਦੇ ਪੌਸ਼ਟਿਕ ਖਾਣੇ ਦਾ ਵੀ ਲਾਭ ਲੈ ਸਕਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਸਿਹਤ ਦੀ ਮੁਫਤ ਜਾਂਚ ਲਈ ਅਤੇ ਮਹਿਲਾਵਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਕੈਂਪ ਵੀ ਲਗਾਏ ਜਾ ਰਹੇ ਹਨ। ਜੇਲ੍ਹ ਦੇ ਦੌਰੇ ਦੌਰਾਨ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਵੀ ਹਾਜਰ ਸਨ।