
ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਬਾਰੇ ਬੋਲਦਿਆ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।
ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕੀ ਚਾਈਨਾ ਡੋਰ ਬੱਚਿਆਂ ਨੂੰ ਖਰੀਦ ਕੇ ਨਾ ਲੈ ਕੇ ਦਿੱਤੀ ਜਾਵੇ ਅਤੇ ਨੌਜਵਾਨ ਬੱਚਿਆਂ ਨੂੰ ਵੀ ਕਿਹਾ ਕਿ ਚਾਈਨਾ ਡੋਰ ਦੀ ਵਰਤੋ ਨਾ ਕਰਨ। ਉਨ੍ਹਾਂ ਨੇ ਦੁਕਾਨਦਾਰ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਸਟੋਰ ਕਰਕੇ ਨਾ ਰੱਖਣ ਅਤੇ ਜੇਕਰ ਕੋਈ ਆਸ ਪਾਸ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ ਤਾਂ ਉਨ੍ਹਾਂ ਬਾਰੇ ਮੇਰੇ ਧਿਆਨ ਵਿਚ ਲਿਆਂਦਾ ਜਾਵੇ, ਦੱਸਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਖਤ ਹਦਾਇਤ ਕੀਤੀ ਕਿ ਚਾਈਨਾ ਡੋਰ ਦੀ ਵਿਕਰੀ ਤੇ ਪੂਰੇ ਪੰਜਾਬ ਵਿਚ ਸਖਤ ਪਾਬੰਦੀ ਲਗਾਈ ਗਈ ਹੈ। ਚਾਈਨਾ ਡੋਰ ਦੀ ਵਿਕਰੀ ਨੂੰ ਰੋਕਿਆ ਜਾਵੇ, ਜੇਕਰ ਕੋਈ ਵੀ ਕੀਤੀ ਗਈ ਪਾਬੰਦੀ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਸਲੇ ਬਾਰੇ ਮੈਂ ਸਰਕਾਰ ਨਾਲ ਵੀ ਗੱਲ ਕਰਾਂਗਾ, ਤਾਂਜੋ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਲਈ ਹੋਰ ਸਖਤ ਕਾਨੂੰਨ ਬਣਾਇਆ ਜਾ ਸਕੇ।