ਲੁਧਿਆਣਾ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿਚ ਰੋਡ ਸ਼ੋ ਕੀਤਾ ਅਤੇ ਅਗਲੀਆਂ ਨਗਰ ਨਿਗਮ ਚੋਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਰੋਡ ਸ਼ੋਅ ਨੂੰ ਲੁਧਿਆਣਾ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਥਾਂ ਥਾਂ ਮੁੱਖ ਮੰਤਰੀ ਉੱਪਰ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ।
ਇਸ ਦੌਰਾਨ ਲੁਧਿਆਣਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਮੇਰੀ ਕਰਮ ਭੂਮੀ ਹੈ। ਇਸ ਧਰਤੀ ਤੋਂ ਹੀ ਉਨ੍ਹਾਂ ਨੇ ਕਲਾਕਾਰੀ ਦੇ ਖੇਤਰ ਵਿਚ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਮੌਕੇ ਲੁਧਿਆਣਾ ਦੇ ਭੀੜ ਭੜੱਕੇ ਵਾਲੇ ਬਾਜਾਰਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਭਗਵੰਤ ਮਾਨ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਸ਼ਹਿਰ ਦੀਆਂ ਸੜਕਾਂ ਮੇਰੇ ਲਈ ਨਵੀਆਂ ਨਹੀਂ ਹਨ।
ਇਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਵੀ ਸ਼ਾਮਲ ਸਨ।
ਇਸ ਮੌਕੇ ਮੁੱਖ ਮੰਤਰੀ ਨੇ ਲੁਧਿਆਣਾ ਦੇ ਸਰਵ ਪੱਖੀ ਵਿਕਾਸ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਨਗਰ ਨਿਗਮ ਵਲੋਂ ਕਦੇ ਵੀ ਸ਼ਹਿਰ ਦੇ ਇਮਾਨਦਾਰੀ ਨਾਲ ਵਿਕਾਸ ਦੇ ਯਤਨ ਨਹੀਂ ਕੀਤੇ ਗਏ। ਹਮੇਸ਼ਾਂ ਫੰਡਾਂ ਵਿਚ ਘਪਲੇਬਾਜੀ ਅਤੇ ਨਿੱਜੀ ਹਿੱਤਾਂ ਦੀ ਪੂਰਤੀ ਵੱਲ ਹੀ ਧਿਆਨ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲੀ ਵਾਰ ਇਹ ਕੋਸ਼ਿਸ਼ ਕੀਤੀ ਜਾਣ ਲੱਗੀ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਲਈ ਹੀ ਖਰਚ ਕੀਤਾ ਜਾਵੇ। ਹੁਣ ਪਿਛਲੀਆਂ ਸਰਕਾਰਾਂ ਵਲੋਂ ਫੈਲਾਈ ਗਈ ਗੰਦਗੀ ਨੂੰ ਝਾੜੂ ਨਾਲ ਸਾਫ ਕਰਨ ਦਾ ਵੇਲਾ ਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਪੁਰਾਣੀਆਂ ਪਾਰਟੀਆਂ ਨੂੰ ਮੁੜਕੇ ਕਦੇ ਵੀ ਮੂੰਹ ਨਹੀਂ ਲਾਉਣਗੇ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ ਤੇ ਚੋਣਾ ਤੋਂ ਬਾਅਦ ਲੁਧਿਆਣਾ ਦੇ ਵਿਕਾਸ ਦਾ ਨਵਾਂ ਇਤਿਹਾਸ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਪਿਛਲੇ ਤਿੰਨ ਸਾਲਾਂ ਦੀਆਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਇਸ ਸਰਕਾਰ ਨੇ ਅਜਿਹੇ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ 70 ਸਾਲ ਤੱਕ ਸੋਚ ਵੀ ਨਹੀਂ ਸਕੀਆਂ।