ਚੰਡੀਗੜ੍ਹ, 16 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵਲੋਂ ਇਹ ਸਮਾਗਮ ਵੱਡੀ ਪੱਧਰ ‘ਤੇ ਕਰਵਾਏ ਜਾਣਗੇ। ਇਸ ਤਹਿਤ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬਾਨਾਂ ਦਾ ਵਿਕਾਸ ਵੀ ਕੀਤਾ ਜਾਵੇਗਾ।
ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਮ ਲੋਕਾਂ ਦੀ ਧਾਰਮਿਕ ਆਜਾਦੀ ਅਤੇ ਨਿੱਜੀ ਅਧਿਕਾਰਾਂ ਦੀ ਰਾਖੀ ਲਈ ਕੁਰਬਾਨੀ ਦਿੱਤੀ ਹੈ। ਇਸ ਕੁਰਬਾਨੀ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਤੇ ਨਹੀਂ ਮਿਲਦੀ। ਇਸ ਲਈ ਪੰਜਾਬ ਸਰਕਾਰ ਵਲੋਂ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਪੂਰੇ ਪੰਜਾਬ ਵਿਚ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਿਸ਼ਚਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਫਰਵਰੀ ਵਿਚ ਰੰਗਲਾ ਪੰਜਾਬ ਫੈਸਟੀਵਲ ਕਰਵਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਟੀਵਲ ਦਾ ਮਕਸਦ ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਸੈਰ ਸਪਾਟਾ ਸਥਾਨ ਵਜੋਂ ਉਭਾਰਨਾ ਹੈ। ਇਸ ਫੈਸਟੀਵਲ ਦੌਰਾਨ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਅਮੀਰ ਵਿਰਸ਼ੇ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ ਅਤੇ ਆਮ ਸੈਲਾਨੀਆਂ ਨੂੰ ਪੰਜਾਬ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੀ ਵਿਰਾਸਤ ਨਾਲ ਜੋੜਨ ਲਈ ਪੂਰੇ ਪੰਜਾਬ ਵਿਚ ਵਿਰਸਾਤੀ ਮੇਲੇ ਕਰਵਾਉਣ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਵਿਚ ਕਿਸੇ ਅਜਿਹੇ ਸਥਾਨ ਦੀ ਚੋਣ ਕੀਤੀ ਜਾਵੇ ਜਿਸ ਨੂੰ ਪ੍ਰਗਤੀ ਮੈਦਾਨ ਵਾਂਗ ਵਿਕਸਿਤ ਕੀਤਾ ਜਾ ਸਕੇ। ਅਜਿਹੇ ਸੈਂਟਰ ਜਲੰਧਰ, ਲੁਧਿਆਣਾ, ਚੰਡੀਗੜ੍ਹ, ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿਚ ਸਥਾਪਿਤ ਕੀਤੇ ਜਾਣੇ ਚਾਹੀਦੇ ਹਨ, ਜਿਥੇ ਅੰਤਰ ਰਾਸ਼ਟਰੀ ਪੱਧਰ ਦੇ ਕਲਾਕਾਰ ਵੀ ਆਪਣੇ ਸ਼ੋਅ ਕਰਵਾ ਸਕਣ।
ਉਨ੍ਹਾਂ ਨੇ ਸ਼ਾਹਪੁਰ ਕੰਡੀ ਇਲਾਕੇ ਨੂੰ ਵੀ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਕਿਹਾ।