Wednesday, February 19Malwa News
Shadow

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ

ਚੰਡੀਗੜ੍ਹ, 21 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।

ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਅੰਨ ਦਾਤਿਆਂ ਨੇ ਆਪਣੇ ਬੇਸ਼ਕੀਮਤੀ ਕੁਦਰਤੀ ਵਸੀਲੇ ਪਾਣੀ ਅਤੇ ਜਰਖੇਜ਼ ਮਿੱਟੀ ਨੂੰ ਦਾਅ ਉੱਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਕੌਮੀ ਭੰਡਾਰ ਵਿੱਚ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਝੋਨੇ ਦੀ ਨਿਰਵਿਘਨ  ਖਰੀਦ ਨੂੰ ਯਕੀਨੀ ਬਣਾਉਣ ਲਈ ਸੰਜੀਦਗੀ ਨਾਲ ਜੁਟੀ ਹੋਈ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੰਡੀਆਂ ਵਿੱਚ ਮਿਹਨਤ ਨਾਲ ਪਾਲੀ ਝੋਨੇ ਦੀ ਫਸਲ ਦੀ ਖੱਜਲ-ਖੁਆਰੀ ਹੋਣ ਦੀ ਹਰਗਿਜ਼ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਤਹਿਤ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਲਈ ਜੰਗੀ ਪੱਧਰ ’ਤੇ ਕਰਨ ਲਈ ਕਦਮ ਚੁੱਕੇ ਜਾਣ।

ਇਸ ਦੌਰਾਨ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 24.88 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 22.22 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਦਾਇਗੀ ਲਈ ਪਹਿਲਾਂ ਹੀ 4027 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

Bhagwant Mann Meeting

Basmati Rice Advertisment