ਮੋਹਾਲੀ, 4 ਦਸੰਬਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਇਸ ਘਟਨਾਂ ਨੂੰ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਦਾ ਨਾਮ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਪੁਲੀਸ ਦੀ ਕਾਰਗੁਜਾਰੀ ਦੀ ਪ੍ਰਸੰਸਾ ਕਰਦਿਆਂ ਦੱਸਿਆ ਕਿ ਪੁਲੀਸ ਨੇ ਇਹ ਸਾਜਿਸ਼ ਸਫਲ ਨਹੀਂ ਹੋਣ ਦਿੱਤੀ ਅਤੇ ਦੋਸ਼ੀ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ।
ਅੱਜ ਮੁਹਾਲੀ ਵਿਖੇ ‘ਨਿਸ਼ਾਨ ਏ ਇਨਕਲਾਬ’ ਪਲਾਜੇ ਦਾ ਉਦਘਾਟਨ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਰੋਧੀ ਸ਼ਕਤੀਆਂ ਹਮੇਸ਼ਾਂ ਪੰਜਾਬ ਵਿਚ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ, ਪਰ ਪੰਜਾਬ ਸਰਕਾਰ ਵਲੋਂ ਅਜਿਹੇ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਜੀ ਵਰਗੇ ਪਵਿੱਤਰ ਅਸਥਾਨ ‘ਤੇ ਅਜਿਹੇ ਘਿਨਾਉਣੇ ਕਾਰੇ ਲਈ ਕਿਸੇ ਨੂੰ ਮੁਆਫ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਵਾਰਪਨ ਤੋਂ ਰੋਕਣ ਲਈ ਸਰਕਾਰ ਵਲੋਂ ਉੱਚ ਪੁਲੀਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਯਤਨਾਂ ਨਾਲ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੇ ਹਾਲਾਤਾਂ ‘ਤੇ ਨਜ਼ਰ ਰੱਖ ਰਹੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਨੂੰ ਵੀ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਇਜਾਜਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਘਟਨਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਜਾਂਚ ਦੌਰਾਨ ਜਲਦੀ ਹੀ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਸਾਹਮਣੇ ਆ ਜਾਵੇਗਾ।
ਮੋਹਾਲੀ ਅਤੇ ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਅੰਤਰ ਰਾਸ਼ਟਰੀ ਉਡਾਨਾ ਸ਼ੁਰੂ ਕਰਨ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੰਜਾਬੀਆਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ। ਇਸ ਕੰਮ ਲਈ ਸਰਕਾਰ ਵਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।