ਨੰਗਲ, 11 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਰੋਪੜ ਜਿਲੇ ਵਿਚ ਪੈਂਦੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਅਰਦਾਸ ਕੀਤੀ।
ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਅਰਦਾਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨੀ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੇ ਪ੍ਰਮਾਤਮਾਂ ਨੂੰ ਹਰ ਵਰਗ ਦੇ ਲੋਕਾਂ ਦੀ ਸੇਵਾ ਦਾ ਬਲ ਬਖਸ਼ਣ ਲਈ ਅਰਦਾਸ ਬੇਨਤੀ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹ ਗੁਰੂ ਸਾਹਿਬ ਵਲੋਂ ਦੱਸੇ ਗਏ ਮਾਰਗ ‘ਤੇ ਚੱਲ ਕੇ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਵਾਹ ਲਾ ਰਹੇ ਹਨ। ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ।