ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰਨ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਟੈਨੋ ਕੁਆਮੇ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਅਧੁਨਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਸਹਾਇਤਾ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਦੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਇਥੋਂ ਦੀਆਂ ਜਨਤਕ ਸੇਵਾਵਾਂ ਵਿਚ ਸੁਧਾਰ ਲਈ ਵਿੱਤੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਹਰ ਨਾਗਰਿਕ ਦੀਆਂ ਲੋੜਾਂ ਪੂਰੀਆਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਦਾ ਮਕਸਦ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਅਤੇ ਇਥੋਂ ਦੇ ਲੋਕਾਂ ਨੂੰ ਅਤਿ ਅਧੁਨਿਕ ਸਹੂਲਤਾਂ ਮੁਹਈਆ ਕਰਵਾਉਣਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਇਥੋਂ ਦੇ ਕਿਸਾਨਾਂ ਦੀਆਂ ਵੀ ਬਹੁਤ ਸਾਰੀਆਂ ਸਮੱਸਿਆਵਾਂ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਹਰ ਜਗ੍ਹਾ ਨਹਿਰੀ ਪਾਣੀ ਪਹੁੰਚਾਉਣ ਦਾ ਵੀ ਟੀਚਾ ਮਿਥਿਆ ਗਿਆ ਹੈ। ਇਸ ਨਾਲ ਜਿਥੇ ਕਿਸਾਨ ਖੁਸ਼ਹਾਲ ਹੋਣਗੇ, ਉਥੇ ਧਰਤੀ ਹੇਠਲੇ ਪਾਣੀ ਨੂੰ ਵੀ ਬਚਾਇਆ ਜਾ ਸਕੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਸੋਲਰ ਅਨਰਜੀ ‘ਤੇ ਵੀ ਜੋਰ ਦਿੱਤਾ ਜਾ ਰਿਹਾ ਹੈ।
ਭਗਵੰਤ ਸਿੰਘ ਮਾਨ ਨੇ ਦੱਸਿਆ ਚੌਲ ਪੰਜਾਬ ਦੇ ਲੋਕਾਂ ਦੀ ਖੁਰਾਕ ਦਾ ਹਿੱਸਾ ਨਹੀਂ ਹੈ, ਪਰ ਫਿਰ ਵੀ ਪੰਜਾਬ ਦੇ ਕਿਸਾਨ ਝੋਨੇ ਦੀ ਕਾਸ਼ਤ ਕਰਕੇ ਦੇਸ਼ ਦੇ ਲੋਕਾਂ ਲਈ ਚੌਲ ਪੈਦਾ ਕਰਦੇ ਹਨ। ਇਸ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਦਾਲਾਂ, ਮੱਕੀ ਆਦਿ ਵਰਗੀਆਂ ਬਦਲਵੀਆਂ ਫਸਲਾਂ ਵੱਲ ਉਤਸ਼ਾਹਿਤ ਕਰਨ ਦਾ ਵੀ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਨੂੰ ਸਬਜੀਆਂ ਦੇ ਨਿਰਯਾਤ ਕੇਂਦਰ ਵਜੋਂ ਵੀ ਵਿਕਸਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਲਈ ਇਨ੍ਹਾਂ ਸਾਰੇ ਕੰਮਾਂ ਲਈ ਵਿੱਤੀ ਸਹਾਇਤਾ ਦੀ ਲੋੜ ਹੈ, ਜੋ ਕਿ ਵਿਸ਼ਵ ਬੈਂਕ ਵਲੋਂ ਮੁਹਈਆ ਕਰਵਾਈ ਜਾ ਸਕਦੀ ਹੈ।
ਅਗਸਟ ਟੈਨੋ ਕੁਆਮੇ ਨੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਦੀਆਂ ਲੋੜਾਂ ਨੂੰ ਵਿਸ਼ਵ ਬੈਂਕ ਵਲੋਂ ਜਰੂਰ ਵਿਚਾਰਿਆ ਜਾਵੇਗਾ ਅਤੇ ਪੂਰਾ ਸਹਿਯੋਗ ਕੀਤਾ ਜਾਵੇਗਾ।