ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫਾ ਦਿੰਦਿਆਂ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦਾ ਐਲਾਨ ਕਰ ਦਿੱਤਾ। ਇਸ ਨਾਲ ਹੁਣ ਗੰਨੇ ਦੀ ਫਸਲ ਦਾ ਭਾਅ ਵਧ ਕੇ 401 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪੂਰੇ ਦੇਸ਼ ਦੇ ਕਿਸਾਨਾਂ ਨਾਲੋਂ ਗੰਨੇ ਦਾ ਵੱਧ ਭਾਅ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਗੰਨੇ ਦੇ ਕਾਸ਼ਤਕਾਰ ਕਿਸਾਨਾਂ ਦੀ ਭਲਾਈ ਲਈ ਨਵੀਆਂ ਨਵੀਆਂ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਰਕਾਰ ਵਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਸਿਰਜਣਾ ਹੀ ਸਰਕਾਰ ਦਾ ਮੁੱਖ ਟੀਚਾ ਹੈ। ਇਸ ਲਈ ਰੰਗਲੇ ਪੰਜਾਬ ਦੀ ਸਿਰਜਣਾ ਤਾਂ ਹੀ ਸੰਭਵ ਹੋਵੇਗੀ, ਜੇਕਰ ਇਥੋਂ ਦਾ ਕਿਸਾਨ ਖੁਸ਼ਹਾਲ ਹੋਵੇਗਾ। ਪਿਛਲੇ ਢਾਈ ਸਾਲਾਂ ਵਿਚ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।