Tuesday, September 29Malwa News
Shadow

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

252ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,734 ਹੋ ਗਈ ਹੈ।

ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 577ਵੇਂ ਦਿਨ ਵੀ ਜਾਰੀ ਰੱਖਦਿਆਂ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.2 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 4 ਕਿਲੋ ਗਾਂਜਾ, 19 ਕਿਲੋ ਭੁੱਕੀ, 543 ਨਸ਼ੀਲੀਆਂ ਗੋਲੀਆਂ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 577 ਦਿਨਾਂ ਵਿੱਚ 80,763 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।