Thursday, June 19Malwa News
Shadow

ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨਿੱਜੀ ਤੌਰ ‘ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਦੀ ਜਲਦ ਤੋਂ ਜਲਦ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਵਚਨਬੱਧ ਹੈ ਅਤੇ ਅਧਿਕਾਰੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰ ਦੇ ਫੈਸਲੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਅਤੇ ਨਿਯਮਤ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਪੇਸ਼ ਕਰਨ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਮੁੱਚੇ ਖਰੀਦ ਕਾਰਜਾਂ ‘ਤੇ ਨੇੜਿਓਂ ਨਿਗਰਾਨੀ ਕਰਨ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਵਾਧੂ ਅਨਾਜ ਨਾ ਇਕੱਠਾ ਹੋਵੇ ਅਤੇ ਇਸ ਦੀ ਜਲਦ ਤੋਂ ਜਲਦ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਭੇਜ ਕੇ ਖਰੀਦ ਕਾਰਜਾਂ ਬਾਰੇ ਅਪਡੇਟ ਦੇਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਾਣਾ ਮੰਡੀਆਂ ਵਿੱਚੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਚੁਕਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

Bhagwant Mann Meeting

Basmati Rice Advertisment