
ਨਵੀਂ ਦਿੱਲੀ, 9 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾ ਪਿਛੋਂ ਆਮ ਆਦਮੀ ਪਾਰਟੀ ਦੇ ਜਿੱਤ ਹਾਸਲ ਕਰਨ ਵਾਲੇ 22 ਵਿਧਾਇਕਾਂ ਨਾਲ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਆਦੇਸ਼ ਦਿੱਤੇ ਹਨ ਕਿ ਦਿੱਲੀ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਕੋਸ਼ਿਸ਼ਾਂ ਜਾਰੀ ਰੱਖਣ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਦਿੱਲੀ ਦੀ ਭਾਜਪਾ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਯਤਨ ਜਾਰੀ ਰੱਖਣਗੇ। ਆਤਿਸ਼ੀ ਨੇ ਦੱਸਿਆ ਕਿ ਪਾਰਟੀ ਨੇ ਦਿੱਲੀ ਦੇ ਲੋਕਾਂ ਦਾ ਫਤਵਾ ਮਨਜੂਰ ਕਰ ਲਿਆ ਹੈ ਅਤੇ ਫੈਸਲਾ ਕੀਤਾ ਹੈ ਕਿ ਦਿੱਲੀ ਦੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਸਾਰੇ ਆਪ ਵਿਧਾਇਕ ਹਮੇਸ਼ਾਂ ਯਤਨਸ਼ੀਲ ਰਹਿਣਗੇ।
ਉਨ੍ਹਾਂ ਨੇ ਦੱਸਿਆ ਕਿ ਭਾਜਪਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਵਾਉਣ ਲਈ ਆਪ ਵਿਧਾਇਕ ਆਪਣੀ ਪੂਰੀ ਭੁਮਿਕਾ ਨਿਭਾਉਣਗੇ। ਆਤਿਸ਼ੀ ਨੇ ਦੱਸਿਆ ਕਿ ਭਾਜਪਾ ਨੇ 8 ਮਾਰਚ ਤੱਕ ਸਾਰੀਆਂ ਮਹਿਲਾਵਾਂ ਦੇ ਖਾਤਿਆਂ ਵਿਚ 2500 ਰੁਪਏ ਦੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਇਸ ਲਈ ਹੁਣ ਆਪ ਵਿਧਾਇਕ ਇਹ ਵਾਅਦਾ ਪੂਰਾ ਕਰਵਾਉਣ ਲਈ ਸਰਕਾਰ ਨੂੰ ਮਜਬੂਰ ਕਰਨਗੇ।