
ਨਵੀਂ ਦਿੱਲੀ, 8 ਫਰਵਰੀ : ਦਿੱਲੀ ਵਿਧਾਨ ਸਭਾ ਦੀਆਂ ਚੋਣਾ ਲਈ 5 ਫਰਵਰੀ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਕੀਤੀ ਗਈ, ਜਿਸ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ 48 ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ, ਜਦਕਿ ਆਮ ਆਦਮੀ ਪਾਰਟੀ ਨੂੰ ਕੇਵਲ 22 ਸੀਟਾਂ ਹੀ ਮਿਲੀਆਂ। ਇਨ੍ਹਾਂ ਚੋਣਾ ਵਿਚ ਕਾਂਗਰਸ ਪਾਰਟੀ ਕਿਸੇ ਵੀ ਸੀਟ ਤੋਂ ਜਿੱਤ ਹਾਸਲ ਨਹੀਂ ਕਰ ਸਕੀ।
ਦਿੱਲੀ ਵਿਧਾਨ ਸਭਾ ਦੇ ਕੁੱਲ 70 ਵਿਧਾਨ ਸਭਾ ਹਲਕਿਆਂ ਵਿਚੋਂ ਆਮ ਆਦਮੀ ਪਾਰਟੀ ਨੂੰ ਕੇਵਲ 22 ਸੀਟਾਂ ‘ਤੇ ਜਿੱਤ ਹੋਣ ਨਾਲ ਅਰਵਿੰਦ ਕੇਜਰੀਵਾਲ ਨੂੰ ਖਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ 12 ਸਾਲ ਦਿੱਲੀ ਵਿਚ ਸੱਤਾ ‘ਤੇ ਕਾਬਜ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਰਵਿੰਦ ਕੇਜਰੀਵਾਲ ਤਿੰਨ ਵਾਰ ਮੁੱਖ ਮੰਤਰੀ ਬਣੇ ਸਨ।
ਉਧਰ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਚ 27 ਸਾਲ ਬਾਅਦ ਜਿੱਤ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ 1993 ਵਿਚ 49 ਸੀਟਾਂ ‘ਤੇ ਜਿੱਤ ਹਾਸਲ ਕਰਕੇ ਸਰਕਾਰ ਬਣਾਈ ਸੀ। ਉਸ ਵੇਲੇ ਪੰਜ ਸਾਲਾਂ ਦੇ ਰਾਜਭਾਗ ਦੌਰਾਨ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾਂ ਅਤੇ ਸੁਸ਼ਮਾ ਸਵਰਾਜ ਮੁੱਖ ਮੰਤਰੀ ਦੇ ਆਹੁਦੇ ‘ਤੇ ਰਹੇ। ਇਸ ਤੋਂ ਬਾਅਦ 1998 ਵਿਚ ਭਾਰਤੀ ਜਨਤਾ ਪਾਰਟੀ ਹਾਰ ਗਈ ਅਤੇ ਫਿਰ ਦਿੱਲੀ ਵਿਚ ਕਾਂਗਰਸ ਨੇ ਸੱਤਾ ਸੰਭਾਲੀ ਤੇ 15 ਸਾਲ ਦਿੱਲੀ ‘ਤੇ ਰਾਜ ਕੀਤਾ। ਸਾਲ 2013 ਵਿਚ ਹੋਈਆਂ ਚੋਣਾ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਇਸ ਵਾਰ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਫੇਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਰਹੀ ਹੈ।