Tuesday, November 11Malwa News
Shadow

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

ਮਾਲੇਰਕੋਟਲਾ, 11 ਨਵੰਬਰ –                ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਇਕ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਅਹਿਮ ਮੀਟਿੰਗ ਸੱਦੀ ਗਈ । ਇਸ ਮੌਕੇ ਐਸ.ਐੱਸ.ਪੀ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ. ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਪ੍ਰਿੰਸੀਪਲ ਸਰਕਾਰੀ ਕਾਲਜ ਡਾ. ਅਨੀਲਾ ਸੁਲਤਾਨਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਡਿਜੀਟਲ ਤਰੀਕੇ ਨਾਲ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਤੇ ਮਹਾਨ ਬਲੀਦਾਨ ਨੂੰ ਰੂਪਮਾਨ ਕਰੇਗਾ। ਇਹ ਸ਼ੋਅ ਸੰਗਤਾਂ ਲਈ ਅਨੋਖਾ ਅਨੁਭਵ ਹੋਵੇਗਾ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨੂੰ ਜੀਵੰਤ ਤਰੀਕੇ ਨਾਲ ਪੇਸ਼ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਮਾਨਵਤਾ ਅਤੇ ਦਇਆ ਦੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਜੀਵੰਤ ਰੂਪ ਵਿੱਚ ਪ੍ਰਸਤੁਤ ਕਰੇਗਾ ਅਤੇ ਸੱਚੀ ਸ਼ਰਧਾਂਜਲੀ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਾਮ 6 ਵਜੇ ਤੋਂ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ, ਅਤੇ ਹਰੇਕ ਨਾਗਰਿਕ ਲਈ ਮੁਫ਼ਤ ਅਤੇ ਖੁੱਲ੍ਹਾ ਦਾਖ਼ਲਾ ਹੋਵੇਗਾ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਸ਼ੋਅ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਲਈ ਅਪੀਲ ਕੀਤੀ।

               ਡਿਪਟੀ ਕਮਿਸ਼ਨਰ ਨੇ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਾਫ਼-ਸਫ਼ਾਈ, ਪਾਰਕਿੰਗ, ਬੈਰੀਕੇਟਿੰਗ, ਬਿਜਲੀ ਸਪਲਾਈ, ਮੈਡੀਕਲ ਟੀਮਾਂ, ਫਾਇਰ ਸੇਫਟੀ, ਪੀਣ ਵਾਲਾ ਪਾਣੀ ਅਤੇ ਪ੍ਰਚਾਰ ਆਦਿ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।

        ਇਸ ਮੌਕੇ ਐਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਨ ਲਈ ਪੁਲਿਸ ਵਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਕਿੰਗ ਇਲਾਕਿਆਂ, ਪ੍ਰਵੇਸ਼ ਅਤੇ ਨਿਕਾਸ ਪੁਆਇੰਟਾਂ ‘ਤੇ ਪੁਲਿਸ ਬਲ ਤਾਇਨਾਤ ਕੀਤਾ ਜਾਵੇਗਾ। ਟ੍ਰੈਫਿਕ ਪ੍ਰਬੰਧਨ ਲਈ ਵੱਖ-ਵੱਖ ਸੈਕਟਰ ਵਾਈਜ਼ ਡਿਊਟੀਆਂ ਲਗਾਈਆਂ ਜਾਣਗੀਆਂ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਭੀੜ ਜਾਂ ਜਾਮ ਦੀ ਸਥਿਤੀ ਨਾ ਬਣੇ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸੁਰੱਖਿਆ ਤੇ ਸਹੂਲਤ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ।

              ਡਿਪਟੀ ਕਮਿਸ਼ਨਰ ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਮੇਂ-ਬੱਧ ਢੰਗ ਨਾਲ ਸਾਰੇ ਪ੍ਰਬੰਧ ਪੂਰੇ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੰਦੇਸ਼ਾਂ ਨੂੰ ਯਾਦ ਕਰਨਾ ਸਾਨੂੰ ਸੱਚ, ਧਰਮ ਤੇ ਮਾਨਵਤਾ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।