
ਪਟਿਆਲਾ, 22 ਅਗਸਤ:
ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਵੀਂ ਐਂਬੂਲੈਂਸ ਦੀਆਂ ਚਾਬੀਆਂ ਰੈੱਡ ਕਰਾਸ ਨੂੰ ਸੌਂਪਦਿਆਂ ਕਿਹਾ ਕਿ ਇਸ ਐਂਬੂਲੈਂਸ ਵਿੱਚ ਐਮਰਜੈਂਸੀ ਸਮੇਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਇਹ ਐਂਬੂਲੈਂਸ ਰਜਿੰਦਰਾ ਪਟਿਆਲਾ ਵਿਖੇ ਬਹੁਤ ਹੀ ਘੱਟ ਰੇਟਾਂ ਤੇ ਮਰੀਜ਼ਾਂ ਦੀ ਸਹੂਲਤ ਲਈ ਵਰਤੀ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰੈੱਡ ਕਰਾਸ ਵੱਲੋਂ ਰੋਸ਼ਨ ਪੰਜਾਬ ਪ੍ਰੋਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਦੇ 213 ਸਕੂਲਾਂ ਦੇ 61 ਹਜ਼ਾਰ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਰੈੱਡ ਕਰਾਸ ਵੱਲੋਂ ਸਿਵਲ ਸਰਜਨ ਦਫ਼ਤਰ ਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਮੇਂ ਸਮੇਂ ’ਤੇ ਮੈਡੀਕਲ ਉਪਕਰਣ ਮੁਹੱਈਆ ਕਰਵਾਏ ਗਏ ਹਨ ਅਤੇ ਸੁਸਾਇਟੀ ਵੱਲੋਂ ਸਮੇਂ ਸਮੇਂ ’ਤੇ ਖੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦਾ ਮੁੱਖ ਮਕਸਦ ਹੀ ਲੋਕ ਸੇਵਾ ਹੈ ਅਤੇ ਇਸ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।